ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਲਈ ਪੱਬਾਂ-ਭਾਰ ਸਰਕਾਰ

Sunday, Nov 25, 2018 - 12:16 AM (IST)

ਗੁਰਦਾਸਪੁਰ, ਡੇਰਾ ਬਾਬਾ ਨਾਨਕ,   (ਹਰਮਨਪÎ੍ਰੀਤ, ਵਿਨੋਦ, ਬੇਰੀ, ਕੰਵਲਜੀਤ)-  ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਕਰੀਬ 7 ਦਹਾਕੇ ਮੰਗ ਪੂਰੀ ਕਰਨ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕੀਤੇ ਗਏ ਐਲਾਨ ਨਾਲ ਜਿਥੇ ਸੰਗਤਾਂ ਅੰਦਰ ਖੁਸ਼ੀ ਦੀ ਲਹਿਰ ਦੌਡ਼ ਗਈ ਹੈ, ਉਥੇ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵੱਲੋਂ ਇਸ ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚਾ ਜ਼ਿਲਾ ਪ੍ਰਸ਼ਾਸ਼ਨ ਪੱਬਾਂ ਭਾਰ ਹੋ ਗਿਆ ਹੈ। ਏਨਾ ਹੀ ਨਹੀਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲੇ ਨਾਲ ਸਬੰਧਿਤ ਕਈ ਰਾਜਸੀ ਆਗੂ ਵੀ ਇਸ ਸਮਾਗਮ ਦੀਆਂ ਤਿਆਰੀਆਂ ’ਚ ਲੱਗੇ ਗਏ ਹਨ ਜਦੋਂ ਕਿ ਕਈ ਸਿਆਸੀ ਪਾਰਟੀਆਂ ਦੇ ਕਈ ਆਗੂ ਕੇਂਦਰ ਸਰਕਾਰ ਵੱਲੋਂ ਕੀਤੇ ਇਸ ਐਲਾਨ ਦਾ ਸਿਆਸੀ ਲਾਹਾ ਲੈਣ ਲਈ ਜਨਤਕ ਬਿਆਨਬਾਜ਼ੀ ’ਚ ਰੁਝੇ ਦਿਖਾਈ ਦੇ ਰਹੇ ਹਨ, ਜਿਨਾਂ ਵੱਲੋਂ ਪ੍ਰਿੰਟ ਅਤੇ ਇਲੈਟ੍ਰੋਨਿਕ ਮੀਡੀਏ ਸਮੇਤ ਸ਼ੋਸ਼ਲ ਮੀਡੀਏ ਦੀ ਮਦਦ ਨਾਲ ਇਸ ਇਤਿਹਾਸਿਕ ਫੈਸਲੇ ਦਾ ਰਾਜਸੀ ਲਾਹਾ ਲੈਣ ਦੀ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਲੇ ਅੰਦਰ ਸਥਿਤੀ ਇਹ ਬਣੀ ਹੋਈ ਹੈ ਕਿ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਵੱਲੋਂ ਲਗਾਤਾਰ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਮੀਟਿੰਗਾਂ ਕਰਨ ਤੋਂ ਇਲਾਵਾ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਵੱਲੋਂ ਪੁਲਸ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਡੀ. ਸੀ ਨੇ ਦੱਸਿਆ ਕਿ ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਇਸ ਲਾਂਘੇ ਦੀ ਉਸਾਰੀ ਲਈ ਨੀਂਹ ਪੱਥਰ ਰੱਖਣਗੇ। 
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡੇਰਾ ਬਾਬਾ ਨਾਨਕ ਵਿਖੇ 550 ਬੂਟੇ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਲਾਏ ਜਾਣਗੇ। ਇਸੇ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸਰਕਾਰ ਦੇ ਪ੍ਰਮੁੱਖ ਸਕੱਤਰ ਗੁਰਕਿਰਤਕ੍ਰਿਪਾਲ ਸਿੰਘ ਅਤੇ ਮੁੱਖ ਮੰਤਰੀ ਦੇ ਰਾਜਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੱਲੋਂ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੂਰੀ ਮਿਹਨਤ ਤੇ ਲਗਨ ਨਾਲ ਸਮਗਾਮ ਦੇ ਕੰਮ ਨੇਪਰੇ ਚਾਡ਼੍ਹੇਜਾਣ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਬਹੁਤ ਕਿਸਮਤ ਵਾਲੀ ਗੱਲ ਹੈ ਕਿ ਅਸੀਂ ਸਾਰੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ  ਦੇ 550 ਸਾਲਾਂ ਸਮਾਗਮ ਦਾ ਹਿੱਸਾ ਬਣ ਰਹੇ ਹਾਂ ਤੇ ਸਾਨੂੰ ਸਾਰਿਆਂ ਨੂੰ ਪਰਮਤਾਮਾ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਲੋਕਾਂ ਦੀ ਆਵਾਜਾਈ ਤੇ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
  


Related News