ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ

09/21/2021 8:05:13 PM

ਅੰਮ੍ਰਿਤਸਰ (ਦੀਪਕ ਸ਼ਰਮਾ)-ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 22 ਅਕਤੂਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧ ’ਚ ਅੱਜ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕਰ ਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ।

ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਇਸ ਦੇ ਨਾਲ ਹੀ 16 ਸਤੰਬਰ ਤੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜੋ ਗੁਰਪੁਰਬ ਤੱਕ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ’ਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।


Manoj

Content Editor

Related News