ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਇਲਜ਼ਾਮ

Saturday, Jun 27, 2026 - 01:25 PM (IST)

ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਇਲਜ਼ਾਮ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਬਾਦਲ), ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜਾਰੀ ਹੋਏ ਹੁਕਮਨਾਮੇ ਨੂੰ ਪਿੰਡ ਪੱਧਰ ਤੱਕ ਲਾਗੂ ਕਰਵਾਉਣ ਲਈ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਪਰ 2 ਦਸੰਬਰ ਦੇ ਹੁਕਮਨਾਮੇ ਤੋਂ ਕਥਿਤ ਤੌਰ 'ਤੇ ਮੁੱਕਰਨ ਵਾਲੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਦੇ ਵੀ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ।

ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਉਨ੍ਹਾਂ ਮੰਗ ਕੀਤੀ ਕਿ ਅੱਜ ਦੇ ਇਜਲਾਸ ਵਿੱਚ ਭਗਵੰਤ ਮਾਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਮਤਾ ਪਾਸ ਕੀਤਾ ਜਾਵੇ ਅਤੇ ਢਾਡੀਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੂੰ ਉਸ ਸਬੰਧੀ ਵੀ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਦਾ ਪੈਸਾ ਰਾਜਨੀਤਿਕ ਪੋਸਟਰਬਾਜ਼ੀ 'ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀ ਅਤੇ ਟਕਰਾਅ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਪੋਸਟਰ ਮੁਹਿੰਮ 'ਤੇ ਤੁਰੰਤ ਰੋਕ ਲਗਾਈ ਜਾਵੇ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

ਇਸ ਦੌਰਾਨ ਉਨ੍ਹਾਂ ਨੇ ਅੱਜ ਅੰਮ੍ਰਿਤਸਰ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਤਿੰਨ ਸਵਾਲ ਵੀ ਪੁੱਛੇ। ਪਹਿਲਾ, 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਸਜ਼ਾ ਦੇਣ ਦੇ ਵਾਅਦੇ ਦਾ ਕੀ ਬਣਿਆ? ਦੂਜਾ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੱਲ ਰਹੇ ਵਿਵਾਦ 'ਤੇ ਉਹ ਆਪਣਾ ਸਟੈਂਡ ਸਪਸ਼ਟ ਕਰਨ। ਤੀਜਾ, ਮਹਿਲਾਵਾਂ ਨੂੰ 1000/1500 ਰੁਪਏ ਦੇਣ ਦਾ ਵਾਅਦਾ ਸਾਢੇ ਚਾਰ ਸਾਲ ਤੱਕ ਕਿਉਂ ਨਹੀਂ ਨਿਭਾਇਆ ਗਿਆ ਅਤੇ ਹੁਣ ਚੋਣਾਂ ਤੋਂ ਪਹਿਲਾਂ ਕਰਜ਼ਾ ਲੈ ਕੇ ਇਹ ਯੋਜਨਾ ਕਿਉਂ ਲਾਗੂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰਾਂ ਦੀ ਸੋਸ਼ਲ ਮੀਡੀਆ 'ਤੇ ਹੋ ਰਹੀ ਕਿਰਦਾਰਕੁਸ਼ੀ ਨਿੰਦਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵੀ ਅਜਿਹੀ ਮੁਹਿੰਮ ਚਲਾਈ ਗਈ ਸੀ, ਜਿਸ ਕਾਰਨ ਅੱਜ ਧਾਰਮਿਕ ਸੰਸਥਾਵਾਂ ਦਾ ਮਾਣ ਘਟਾਉਣ ਦੀ ਪ੍ਰਵਿਰਤੀ ਵਧੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਸ ਨੂੰ ਰਾਜਨੀਤਿਕ ਲੜਾਈਆਂ ਤੋਂ ਦੂਰ ਰੱਖਿਆ ਜਾਵੇ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਕਾਨੂੰਨ ਵਿੱਚ ਸੰਭਾਵਿਤ ਤਬਦੀਲੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦਾ ਆਰਟੀਕਲ 26 ਹਰ ਧਰਮ ਨੂੰ ਆਪਣੇ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਖੁਦ ਕਰਨ ਦਾ ਅਧਿਕਾਰ ਦਿੰਦਾ ਹੈ। ਜੇਕਰ ਮਹਾਰਾਸ਼ਟਰ ਸਰਕਾਰ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਵਧਾਉਂਦੀ ਹੈ ਤਾਂ ਇਹ ਸੰਵਿਧਾਨ ਦੀ ਭਾਵਨਾ ਦੇ ਉਲਟ ਹੋਵੇਗਾ ਅਤੇ ਇਸ ਦਾ ਸਿੱਖ ਕੌਮ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਵੀ ਮੰਗ ਦੁਹਰਾਈ ਅਤੇ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ ਹਨ, ਪਰ ਸਾਰੀਆਂ ਧਿਰਾਂ ਨੂੰ ਇਮਾਨਦਾਰੀ ਨਾਲ ਅੱਗੇ ਆਉਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News