ਸਰਕਾਰ ਦੀ ਬੇਰੁਖੀ ਤੋਂ ਨਾਰਾਜ਼ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

07/22/2021 5:08:35 PM

ਗੁਰਦਾਸਪੁਰ (ਸਰਬਜੀਤ) - ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਦੀ ਰਿਪੋਰਟ ਤੋਂ ਨਾਰਾਜ਼ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਬ ਇੰਸਪੈਕਟਰਾਂ ਨੇ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦੇ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਈ ਸਾਲਾਂ ਤੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਰਾਬਰ ਦੀ ਯੋਗਤਾ ਵਾਲੇ ਹੋਰ ਵਿਭਾਗਾਂ ਵਿੱਚ ਕੰਮ ਕਰ ਰਹੇ ਇੰਸਪੈਕਟਰਾਂ ਦੀ ਗਰੇਡ ਪੇ ਉਨ੍ਹਾਂ ਨਾਲੋਂ ਕਿਤੇ ਜ਼ਿਆਦਾ ਹੈ। 

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੂੰ ਨਾ ਤਾਂ ਇਸ ਪੇ-ਕਮਿਸ਼ਨ ਵਿੱਚ ਕੋਈ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ਪਿਛਲੇ 5ਵੇਂ ਪੇ-ਕਮਿਸ਼ਨ ਵਿੱਚ ਉਨ੍ਹਾਂ ਦੇ ਸਕੇਲ ਰਿਵਾਈਜ਼ ਕੀਤੇ ਗਏ ਸਨ। ਹਾਲਾਤ ਇਹ ਬਣੇ ਹੋਏ ਹਨ ਕਿ ਉਨ੍ਹਾਂ ਦੇ ਮੁਕਾਬਲੇ ਹੋਰ ਵਿਭਾਗਾਂ ਵਿੱਚ ਦਰਜਾ ਚਾਰ ਕਰਮਚਾਰੀਆਂ ਦੀਆਂ ਤਨਖਾਹਾਂ ਉਨ੍ਹਾਂ ਤੋਂ ਜ਼ਿਆਦਾ ਹਨ, ਜਦੋਂਕਿ ਉਹ ਉੱਚ ਯੋਗਤਾ ਪ੍ਰਾਪਤ ਹੋਣ ਦੇ ਬਾਵਜੂਦ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਤਨਖਾਹ ਸਕੇਲ ਰਿਵਾਈਜ਼ ਕਰਾਉਣ ਲਈ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਛੇਵੇਂ ਪੇ-ਕਮਿਸ਼ਨ ਤੋਂ ਵੱਡੀਆਂ ਉਮੀਦਾਂ ਸਨ। ਇਸ ਪੇਅ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਇਸ ਕਾਰਨ ਸਮੁੱਚੇ ਪੰਜਾਬ ਅੰਦਰ ਕੰਮ ਕਰ ਰਹੇ ਖੇਤੀਬਾੜੀ ਸਬ ਇੰਸਪੈਕਟਰਾ ਅੰਦਰ ਭਾਰੀ ਰੋਸ ਅਤੇ ਨਿਰਾਸ਼ਾ ਦੀ ਲਹਿਰ ਹੈ। 

ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਦੀ ਡੀ.ਪੀ.ਸੀ. ਦਾ ਕੰਮ ਮੁਕੰਮਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਦੀਆਂ ਤਰੱਕੀਆਂ ਰੁਕੀਆਂ ਹੋਈਆਂ ਹਨ। ਇਸ ਮੌਕੇ ਦੀਪਕ ਕੁਮਾਰ, ਸੰਜੀਵ ਕੁਮਾਰ, ਕੁਲਵਿੰਦਰ ਕੌਰ, ਨਵਦੀਪ ਕੌਰ, ਪ੍ਰਭਜੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਤਲਜਿੰਦਰ  ਸਿੰਘ, ਵਿਸ਼ਾਲ ਕੁਮਾਰ, ਸੁਖਦੇਵ ਰਾਜ, ਮਨੀਸ਼ ਕੁਮਾਰ ਅਤੇ ਪਰਮਜੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਵਗ ਤੁਰਿਆ ਖੇਤੀਬਾੜੀ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਅਤੇ ਸਹੂਲਤਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਉਹ ਸਭ ਤੋਂ ਮੋਹਰੀ ਭੂਮਿਕਾ ਨਿਭਾਉਂਦੇ ਹਨ। ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਤਕਨੀਕੀ ਜਾਣਕਾਰੀ ਦੇਣ ਦੇ ਇਲਾਵਾ ਉਨ੍ਹਾਂ ਦੇ ਬਹੁਤ ਅਹਿਮ ਕੰਮ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਦੇ ਕੰਮਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ। 

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦੇਣਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਸੰਧਿਆ, ਜਗਮੋਹਨ ਕੁਮਾਰ, ਸਤਿੰਦਰ ਸਿੰਗ, ਸੰਜੀਵ, ਕੁਲਵਿੰਦਰ ਕੌਰ ਆਦਿ ਖੇਤੀਬਾੜੀ ਸਬ ਇੰਸਪੈਕਟਰ ਮੌਜੂਦ ਸਨ। ਇਸ ਦੇ ਬਾਅਦ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ।


rajwinder kaur

Content Editor

Related News