ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਫੂਕੇ ਪੁਤਲੇ

Tuesday, Jan 20, 2026 - 03:09 PM (IST)

ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਫੂਕੇ ਪੁਤਲੇ

ਗੁਰਦਾਸਪੁਰ (ਹਰਮਨ, ਵਿਨੋਦ)-ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਵੱਲੋਂ ਪੰਜਾਬ ’ਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੁਗਰੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੇ ਪ੍ਰਧਾਨ ਨਿਰਮਲ ਸਿੰਘ ਆਦੀ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਅਤੇ ਖਜ਼ਾਨਚੀ ਸਤਨਾਮ ਸਿੰਘ, ਰਣਬੀਰ ਸਿੰਘ ਡੁਗਰੀ ਦੀ ਅਗਵਾਈ ਹੇਠ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ- 'ਪੰਜਾਬ ਕੇਸਰੀ' ਦੇ ਹੱਕ ’ਚ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਨੀਲ ਜਾਖੜ ਵੱਲੋਂ ਸਵਾਗਤ, ਮਾਨ ਸਰਕਾਰ ’ਤੇ ਤਿੱਖਾ ਹਮਲਾ

ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸ਼ਾਂਤਮਈ ਲੜਾਈ ਨੂੰ ਜਬਰ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਲੋਕਤੰਤਰਕ ਮੁੱਲਾਂ ਦੇ ਸਿੱਧੇ ਖ਼ਿਲਾਫ਼ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਿਲਾ ਸੰਗਰੂਰ ਦੇ ਕਿਸਾਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਸਮੇਤ 45 ਕਿਸਾਨ ਆਗੂਆਂ ਨੂੰ ਜੇਲਾਂ ’ਚ ਬੰਦ ਕਰ ਕੇ ਕਿਸਾਨਾਂ ਦੀ ਆਵਾਜ਼ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੇ. ਐੱਮ. ਐੱਮ. ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਵੀ ਕਿਸਾਨਾਂ ਨੇ ਤਾਨਾਸ਼ਾਹੀ ਫੈਸਲਾ ਕਰਾਰ ਦਿੱਤਾ।

ਇਹ ਵੀ ਪੜ੍ਹੋ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ: SAD

ਕਿਸਾਨ ਆਗੂਆਂ ਬੀਬੀ ਮਨਜਿੰਦਰ ਕੌਰ ਡੁਗਰੀ, ਸੁਖਵਿੰਦਰ ਸਿੰਘ ਅੱਲੜ ਪਿੰਡੀ, ਨਿਸ਼ਾਨ ਸਿੰਘ ਬਾਉਪੁਰ, ਕੁਲਵੰਤ ਸਿੰਘ ਨੰਗਲ ਡਾਲਾ, ਨਰਿੰਦਰ ਸਿੰਘ ਆਲੀਨੰਗਲ ਨੇ ਕਿਹਾ ਕਿ ਕਿਸਾਨ ਸਦਾ ਹੀ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਲੜਾਈ ਲੜਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਪੁਲਸ ਤੇ ਪ੍ਰਸ਼ਾਸਨ ਦੇ ਜ਼ਰੀਏ ਦਬਾਅ ਬਣਾ ਕੇ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਹ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਨੂੰ ਵੀ ਦਬਾਉਣ ਦੇ ਬਰਾਬਰ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਛਿੜੀ 'ਜਾਤੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਨੇ ਦਿੱਤਾ ਜਵਾਬ

ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਦੇ ਵਿਰੋਧ ’ਚ ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੜਕਾਂ ਅਤੇ ਰੇਲ ਪਟੜੀਆਂ ’ਤੇ ਚੱਕਾ ਜਾਮ ਕੀਤਾ ਗਿਆ ਸੀ, ਜਿਸ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਹੁਣ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਨਾ ਸਰਕਾਰ ਲਈ ਇਕ ਸਪੱਸ਼ਟ ਚਿਤਾਵਨੀ ਹੈ।

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਉਗਰ ਰੂਪ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁੱਚਾ ਸਿੰਘ ਬਲੱਗਣ, ਕਰਨੈਲ ਸਿੰਘ ਆਦੀ, ਹਰਮੀਤ ਸਿੰਘ, ਮਹਿੰਦਰ ਸਿੰਘ ਥੱਮਣ, ਜਪਕੀਰਤ ਹੁੰਦਲ, ਜਰਨੈਲ ਸਿੰਘ, ਬਾਬਾ ਰਸ਼ਪਾਲ ਸਿੰਘ, ਕਰਨੈਲ ਸਿੰਘ ਮੱਲ੍ਹੀ, ਬੀਬੀ ਕੁਲਵਿੰਦਰ ਕੌਰ, ਬੀਬੀ ਜਗੀਰ ਕੌਰ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News