ਪੰਜਾਬੀਆਂ ਦੇ ਸਹਿਯੋਗ ਨਾਲ ਸਰਕਾਰ ਜਿੱਤੇਗੀ ਨਸ਼ਿਆਂ ਵਿਰੁੱਧ ਜੰਗ: ਮੰਤਰੀ ਲਾਲਜੀਤ ਭੁੱਲਰ
Sunday, May 04, 2025 - 04:38 PM (IST)

ਗੁਰਦਾਸਪੁਰ (ਵਿਨੋਦ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੀ.ਐੱਸ. ਗਾਰਡਨ ਪੈਲੇਸ, ਗੁਰਦਾਸਪੁਰ ਵਿਖੇ ਕਰਵਾਏ ‘ਪਿੰਡ ਦੇ ਪਹਿਰੇਦਾਰ’ ਪ੍ਰੋਗਰਾਮ ਤਹਿਤ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ, ਜ਼ਿਲਾ ਕੋਆਰਡੀਨੇਟਰ ਅਤੇ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ, ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਯਸ਼ਪਾਲ ਚੌਹਾਨ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ, ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਇਹ ਵੀ ਪੜ੍ਹੋ- ਪੰਜਾਬ 'ਚੋਂ ਫੜੇ ਗਏ 2 'ਗੱਦਾਰ'! CM ਮਾਨ ਨੇ ਟਵੀਟ ਕਰ ਆਖ਼ੀਆਂ ਵੱਡੀਆਂ ਗੱਲਾਂ
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸੋਹੇਲ ਕਾਸਿਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਕੋਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਉਨ੍ਹਾਂ ਦਾ ਸਾਥ ਮੰਗਿਆ ਅਤੇ ਉਨ੍ਹਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ। ਕੈਬਨਿਟ ਮੰਤਰੀ ਭੁੱਲਰ ਨੇ ਨਸ਼ੇ ਦੇ ਸਮਗਲਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ ਜਾਂ ਪੰਜਾਬ ਛੱਡ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਵਪਾਰ ਕਰਨ ਵਾਲੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਕੈਬਨਿਟ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਕਾਰ ਨੂੰ ਲੋਕਾਂ ਦਾ ਸਾਥ ਮਿਲ ਰਿਹਾ ਹੈ ਅਤੇ ਲੋਕ ਨਸ਼ਾ ਤਸਕਰਾਂ ਨੂੰ ਫੜਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਜਵਾਨੀ ਤੇ ਅਗਲੀਆਂ ਪੀੜੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨੀ ਹੀ ਪਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਪਿੰਡ ਦੇ ਪਹਿਰੇਦਾਰ ਵਜੋਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖ਼ਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੰਜ਼ੀਦਗੀ ਅਤੇ ਇੱਕਜੁੱਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਚ-ਸਰਪੰਚ, ਕੌਂਸਲਰ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ, ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਇਲਾਜ, ਪੁਨਰਵਾਸ ਅਤੇ 07 ਮਈ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਵੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ। ਇਸ ਤੋਂ ਪਹਿਲਾਂ ਦ ਥੀਏਟਰ ਪਰਸਨ ਗਰੁੱਪ ਦੇ ਕਲਾਕਾਰਾਂ ਵੱਲੋਂ ਹਰਦੀਪ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ 'ਸਿਖ਼ਰ ਦੁਪਹਿਰੇ ਰਾਤ' ਦਾ ਮੰਚਨ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8