ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਨਿਭਾਉਣ ਸੰਵਿਧਾਨਕ ਜ਼ਿੰਮੇਵਾਰੀ: SGPC ਮੈਂਬਰ ਸਿਆਲਕਾ
Thursday, Jun 25, 2026 - 01:59 PM (IST)
ਅੰਮ੍ਰਿਤਸਰ (ਰਮਨ)- ਐਸਜੀਪੀਸੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਹਮਲੇ ਕਰਦਿਆਂ ਇਲਜ਼ਾਮ ਲਗਾਇਆ ਕਿ ਉਨ੍ਹਾਂ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਸਾਹਮਣੇ ਆਏ ਤੱਥਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਪੰਜਾਬ ਭਰ ਵਿੱਚ ਪੋਸਟਰ ਲਗਾਏ ਗਏ ਸਨ, ਪਰ ਕਈ ਥਾਵਾਂ 'ਤੇ ਇਹ ਪੋਸਟਰ ਪਾੜੇ ਅਤੇ ਉਤਾਰੇ ਜਾ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਸਿਆਲਕਾ ਨੇ ਕਿਹਾ ਕਿ ਜਗਮਨ ਸਿੰਘ ਸਮਰਾ ਵੱਲੋਂ ਜਾਰੀ ਕੀਤੀਆਂ ਗਈਆਂ ਵੀਡੀਓਜ਼ ਸਬੰਧੀ ਫੋਰੈਂਸਿਕ ਜਾਂਚ ਕਰਵਾਈ ਗਈ ਸੀ ਅਤੇ ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਭਗਵੰਤ ਮਾਨ ਨੂੰ ਗੁਰੂ-ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਸੰਗਤ ਨੂੰ ਉਨ੍ਹਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਤੱਕ ਮੁੱਖ ਮੰਤਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਵਿਵਾਦਿਤ ਵੀਡੀਓ ਵਿੱਚ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਵਾਲੇ ਪੋਸਟਰ ਮਜੀਠਾ, ਚਵਿੰਡਾ ਦੇਵੀ, ਬਟਾਲਾ ਬਾਈਪਾਸ, ਨੰਗਲ ਟੋਲ ਪਲਾਜ਼ਾ, ਫਤਿਹਗੜ੍ਹ ਸਾਹਿਬ ਅਤੇ ਹੋਰ ਕਈ ਥਾਵਾਂ ਤੋਂ ਉਤਾਰੇ ਜਾਂ ਪਾੜੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਸਿਆਲਕਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਪੰਜਾਬ ਵਿੱਚ ਆਪਸੀ ਟਕਰਾਅ ਅਤੇ ਤਣਾਅ ਦਾ ਮਾਹੌਲ ਪੈਦਾ ਕਰ ਸਕਦੀਆਂ ਹਨ। ਸਿਆਲਕਾ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਭਾਵੇਂ ਗੁਰਮਤਿ ਅਨੁਸਾਰ ਪੂਜਾ ਦਾ ਕੇਂਦਰ ਨਹੀਂ ਹਨ, ਪਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ, ਪੁਰਾਤਨ ਗ੍ਰੰਥਾਂ, ਇਤਿਹਾਸਕ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਥਾਵਾਂ 'ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਮੌਜੂਦ ਹਨ ਅਤੇ ਉਨ੍ਹਾਂ ਪ੍ਰਤੀ ਅਪਮਾਨਜਨਕ ਵਰਤਾਰਾ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਐਸਜੀਪੀਸੀ ਮੈਂਬਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਇਤਿਹਾਸਕ ਮਹੱਤਵ ਰਿਹਾ ਹੈ ਅਤੇ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਕਈ ਵੱਡੇ ਆਗੂਆਂ ਨੇ ਇਨ੍ਹਾਂ ਆਦੇਸ਼ਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਜੇਕਰ ਆਮ ਆਦਮੀ ਪਾਰਟੀ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਪੰਜਾਬ ਦੇ ਰਾਜਪਾਲ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਦਖ਼ਲ ਦੇਣਾ ਚਾਹੀਦਾ ਹੈ। ਸਿਆਲਕਾ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਸਬੰਧੀ ਐਸਜੀਪੀਸੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ਅਤੇ ਸੰਗਤ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਉਣ ਲਈ ਫੈਸਲੇ ਲਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
