ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਉਪਰਾਲਾ
Wednesday, Feb 01, 2023 - 05:31 PM (IST)
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਅੰਦਰ ਪੰਜ ਗਾਈਡ ਤੈਨਾਤ ਕੀਤੇ ਹਨ। ਬੀਤੇ ਕੁਝ ਦਿਨ ਪਹਿਲਾਂ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ ਅਤੇ ਲੰਗਰ ਆਦਿ ਬਾਰੇ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਦਬ-ਸਤਿਕਾਰ ਅਤੇ ਮਰਯਾਦਾ ਬਾਰੇ ਵੀ ਸੰਗਤ ਨੂੰ ਜਾਗਰੂਕ ਕਰਦੇ ਰਹਿਣ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਲਈ ਸਿਰਦਰਦੀ ਬਣੀਆਂ ਵਿਭਾਗ ਵੱਲੋਂ ਜਾਰੀ ਹਿਦਾਇਤਾਂ, ਪੱਲਿਓਂ ਖ਼ਰਚਣੇ ਪੈ ਰਹੇ ਪੈਸੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਨ੍ਹਾਂ ਗਾਈਡਾਂ ਨੂੰ ਮਿਲ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਡਵੋਕੇਟ ਧਾਮੀ ਨੇ ਇਨ੍ਹਾਂ ਨੂੰ ਆਖਿਆ ਕਿ ਹਰ ਸ਼ਰਧਾਲੂ ਨੂੰ ਅਦਬ ਸਹਿਤ ਲੋੜੀਂਦੀ ਜਾਣਕਾਰੀ ਦਿੱਤੀ ਜਾਵੇ ਅਤੇ ਸਿੱਖ ਸੱਭਿਆਚਾਰ ਅਤੇ ਮਰਯਾਦਾ ਤੋਂ ਅਣਜਾਣ ਸ਼ਰਧਾਲੂਆਂ ਨੂੰ ਗੁਰੂ ਘਰ ਅੰਦਰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮੌਕੇ ਇਥੋਂ ਦੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ ਦਾ ਪਾਲਣ ਕਰਨ ਲਈ ਪ੍ਰੇਰਿਆ ਜਾਵੇ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਕਾਲਜ ਅਧਿਆਪਕਾਂ ਵੱਲੋਂ ਅੰਦੋਲਨ ਦਾ ਐਲਾਨ
ਇਸ ਸਬੰਧ ਵਿਚ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰੀ ਦੁਨੀਆ ਵਿੱਚੋਂ ਸ਼ਰਧਾਲੂ ਪੁੱਜਦੇ ਹਨ, ਜਿਨ੍ਹਾਂ ਨੂੰ ਇਥੋਂ ਦੀ ਮਰਯਾਦਾ ਅਤੇ ਅਦਬ-ਸਤਿਕਾਰ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਥੇ ਸ਼ਰਧਾਲੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਗਰੂਕਤਾ ਦੇ ਮੱਦੇਨਜ਼ਰ ਗਾਈਡ ਤੈਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਗਾਈਡ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਪਹਿਲਾਂ ਤੋਂ ਹੀ ਕਾਰਜਸ਼ੀਲ ਸ੍ਰੀ ਦਰਬਾਰ ਸਾਹਿਬ ਦੇ ਉਨ੍ਹਾਂ ਮੁਲਾਜ਼ਮਾਂ ਵਿੱਚੋਂ ਚੁਣੇ ਗਏ ਹਨ, ਜਿਨ੍ਹਾਂ ਦੀ ਯੋਗਤਾ ਤਸੱਲੀਬਖ਼ਸ਼ ਹੈ। ਉਨ੍ਹਾਂ ਕਿਹਾ ਕਿ ਇਹ ਗਾਈਡ ਲਗਾਉਣ ਤੋਂ ਬਾਅਦ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸੰਗਤਾਂ ਦੀ ਸੰਤੁਸ਼ਟ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਤਿਆਰ ਹੋਣ ਲੱਗਾ ਖਾਕਾ, ਨਵੇਂ ਚਿਹਰਿਆਂ 'ਤੇ ਦਾਅ ਖੇਡਣ ਦੇ ਮੂਡ 'ਚ ਸਿਆਸੀ ਧਿਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ