''ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਲੋਕ ਦੇ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਸਾਥ''

11/04/2019 2:06:04 PM

ਦੀਨਾਨਗਰ (ਦੀਪਕ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਲਈ ਵੱਖ-ਵੱਖ ਹਲਕਿਆਂ 'ਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਗੁਰਦਾਸਪੁਰ ਦੇ ਹਲਕਾ ਦੀਨਾਨਗਰ 'ਚ ਮੀਟਿੰਗਾਂ ਕੀਤੀਆਂ, ਜਿਸ ਦੌਰਾਨ ਹਲਕੇ ਦੇ ਵਰਕਰਾਂ ਨੇ ਕਾਂਗਰਸ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀ ਬਾਰੇ ਪ੍ਰਧਾਨ ਨੂੰ ਜਾਣੂ ਕਰਵਾਇਆ। ਜ਼ਿਲਾ ਅਬਜ਼ਰਵਰ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ 2020 'ਤੇ ਦਿੱਤੇ ਬਿਆਨ 'ਤੇ ਕਿਹਾ ਕਿ ਕੈਪਟਨ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ, ਕਿਉਂਕਿ ਪਿਛਲੇ ਕਾਫੀ ਸਮੇਂ ਤੋਂ ਸੰਗਤਾਂ ਵਲੋਂ ਕੀਤੀ ਜਾ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ।

ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਤੰਗ ਆ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ। ਇਸੇ ਕਾਰਨ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਵੱਧ ਤੋਂ ਵੱਧ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ  ਜ਼ਿਲੇ 'ਚ 3 ਲੱਖ ਦੇ ਕਰੀਬ ਲੋਕਾਂ ਤੇ ਦੀਨਾਨਗਰ ਹਲਕੇ 'ਚ 30 ਹਜ਼ਾਰ ਦੇ ਕਰੀਬ ਭਰਤੀ ਹੋ ਚੁਕੀ ਹੈ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨਾਲ, ਜੋ ਧੱਕੇਸ਼ਾਹੀ ਕਾਂਗਰਸ ਵਲੋਂ ਕੀਤੀ ਜਾ ਰਹੀ ਹੈ, ਸਮਾਂ ਆਉਣ 'ਤੇ ਉਨ੍ਹਾਂ ਵਲੋਂ ਉਸ ਦਾ ਜਵਾਬ ਦਿੱਤਾ ਜਾਵੇਗਾ।

rajwinder kaur

This news is Content Editor rajwinder kaur