ਤਨਖ਼ਾਹਾਂ ਨਾ ਮਿਲਣ ਤੋਂ ਦੁਖੀ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਦੇ ਮੁਲਾਜ਼ਮਾਂ ਲਗਾਇਆ ਧਰਨਾ
Tuesday, Nov 24, 2020 - 04:24 PM (IST)
ਗੁਰਦਾਸਪੁਰ (ਗੁਰਪ੍ਰੀਤ) : ਪਿੱਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਗੁਰਦਾਸਪੁਰ ਦੇ ਸਰਕਾਰੀ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਦੇ ਮੁਲਾਜ਼ਮਾਂ ਨੇ ਅੱਜ ਕਾਲਜ ਦੇ ਬਾਹਰ ਗੇਟ ਸਾਹਮਣੇ ਬੈਠ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੰਗ ਕੀਤੀ ਕਿ 5 ਮਹੀਨੇ ਤੋਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਗਿੱਲ ਲੰਮੇ ਦੇ ਫੇਸਬੁੱਕ ਖਾਤੇ ਤੋਂ ਡਿਲੀਟ ਹੋਈਆਂ ਪੋਸਟਾਂ, ਫਿਰ ਦਿੱਤੀ ਚਿਤਾਵਨੀ
ਇਸ ਮੌਕੇ ਜਾਣਕਾਰੀ ਦਿੰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਾਲਜ ਦਾ ਸਮੂਹ ਸਟਾਫ਼ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ ਦਾਅਵਿਆਂ ਦੇ ਉਲਟ ਇਸ ਕਾਲਜ ਦੀ ਕੋਈ ਸਾਰ ਨਹੀਂ ਲਈ ਜਾ ਰਹੀ, ਜਿਸ ਦੇ ਚੱਲਦਿਆਂ ਉਹ ਤਨਖ਼ਾਹਾਂ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ 'ਚ ਵੀ ਘਿਰੇ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਫ਼ਕੈਲਟੀ ਅਤੇ ਸਟਾਫ਼ ਦੀਆਂ ਤਨਖਾਹਾਂ ਜਲਦ ਤੋਂ ਜਲਦ ਦਿੱਤੀਆਂ ਜਾਣ ਤਾਂ ਜੋ ਉਹ ਆਰਥਿਕ ਸੰਤਾਪ ਤੋਂ ਬਚ ਸਕਣ। ਉਨ੍ਹਾਂ ਐਲਾਨ ਕੀਤਾ ਕਿ 23 ਨਵੰਬਰ ਤੋਂ ਸਵੇਰੇ 10 ਵਜੇਂ ਤੋਂ ਦੁਪਹਿਰ 1 ਵਜੇ ਤੱਕ ਰੋਜ਼ਾਨਾ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਸਟਾਫ਼ ਵਲੋਂ ਬੱਚਿਆਂ ਦੀ ਪੜ੍ਹਾਈ ਦਾ ਕੰਮ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਇਨ੍ਹਾਂ ਧਰਨਿਆਂ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀਆਂ ਤਨਖ਼ਾਹਾਂ ਨਿਰਵਿਘਨ ਜਾਰੀ ਕਰਨ ਸਬੰਧੀ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਉਹ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨਗੇ।
ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦ ਦਾ ਐਲਾਨ: ਸੁੱਖਾ ਲੰਮਾ ਗਰੁੱਪ ਦੇ ਗੈਂਗਸਟਰਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਵੱਡਾ ਇਨਾਮ