ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
Friday, Nov 13, 2026 - 06:06 PM (IST)
ਗੁਰਦਾਸਪੁਰ (ਹਰਮਨ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਮੌਜੂਦਗੀ ਵਿਚ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਅੰਡਰ ਸੈਕਟਰੀ ਕਨਿਸ਼ਕਾ ਕੁਮਾਰ, ਸੈਕਸ਼ਨ ਅਫਸਰ ਸ਼ਿਵ ਅਰੋੜਾ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਪਿੰਡ ਘੁੱਲਾ ਵਿਖੇ ਵੇਅਰਹਾਊਸ ਵਿਚ ਰੱਖੀਆਂ ਈ.ਵੀ.ਐਮਜ਼ ਅਤੇ ਵੀ. ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਗਈ। ਦੱਸਣਯੋਗ ਹੈ ਕਿ ਜਿਲ੍ਹਾ ਗੁਰਦਾਸਪੁਰ ‘ਚ ਕੁੱਲ 1608 ਪੋਲਿੰਗ ਸਟੇਸ਼ਨ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ , ਸਾਰੰਗਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਅਤੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ।
