‘ਜ਼ੀਰੋ ਬਰਨਿੰਗ’ ਅਚੀਵ ਕਰਨ ਲਈ ਗੁਰਦਾਸਪੁਰ ਪ੍ਰਸ਼ਾਸਨ ਨੇ ਕੱਸੀ ਕਮਰ, ਪਿੰਡਾਂ ’ਚ ਤਾਇਨਾਤ ਕੀਤੇ 338 ਅਧਿਕਾਰੀ

Friday, Sep 08, 2023 - 10:47 AM (IST)

‘ਜ਼ੀਰੋ ਬਰਨਿੰਗ’ ਅਚੀਵ ਕਰਨ ਲਈ ਗੁਰਦਾਸਪੁਰ ਪ੍ਰਸ਼ਾਸਨ ਨੇ ਕੱਸੀ ਕਮਰ, ਪਿੰਡਾਂ ’ਚ ਤਾਇਨਾਤ ਕੀਤੇ 338 ਅਧਿਕਾਰੀ

ਗੁਰਦਾਸਪੁਰ (ਹਰਮਨ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਇਸ ਸਾਲ ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕ ਕੇ ‘ਜ਼ੀਰੋ ਬਰਨਿੰਗ’ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸ ਲਈ ਗਈ ਹੈ, ਜਿਸ ਦੇ ਕਾਰਣ ਜ਼ਿਲਾ ਗੁਰਦਾਸਪੁਰ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਰਹਿੰਦ-ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਲਈ ਹੁਣ ਤੋਂ ਵੱਖ-ਵੱਖ ਵਿਭਾਗਾਂ ’ਤੇ ਆਧਾਰਿਤ ਟੀਮਾਂ ਨੂੰ ਐਕਟਿਵ ਕਰ ਦਿੱਤਾ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਸੀ. ਆਰ. ਐੱਮ. ਯੋਜਨਾ ਤਹਿਤ ਕਿਸਾਨਾਂ ਨੂੰ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰ ਕੇ ਖੇਤਾਂ ਵਿਚ ਅੱਗ ਨਾ ਲਗਾਉਣ ਅਤੇ ਰਹਿੰਦ-ਖੂੰਹਦ ਦਾ ਆਸਾਨੀ ਨਾਲ ਨਿਪਟਾਰਾ ਕਰ ਕੇ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਪਿੰਡਾਂ ’ਚ ਹੁਣ ਤੋਂ ਹੀ ਸ਼ੁਰੂ ਕੀਤੀਆਂ ਗਤੀਵਿਧੀਆਂ

ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 1221 ਪਿੰਡਾਂ ਵਿਚ ਹੁਣ ਤੋਂ ਹੀ 338 ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਵੱਖ-ਵੱਖ ਪਿੰਡਾਂ ’ਚ ਕਲੱਸਟਰ ਇੰਚਾਰਜ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ। ਇਸ ਸਾਲ ਇਹ ਨੋਡਲ ਅਫ਼ਸਰ ਹੀ ਪਿੰਡਾਂ ’ਚ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟਣਗੇ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

1 ਲੱਖ 70 ਹਜ਼ਾਰ ਹੈੱਕਟੇਅਰ ’ਚ ਪੈਦਾ ਹੋਵੇਗੀ 10 ਲੱਖ ਮੀਟਰਕ ਟਨ ਪਰਾਲੀ

ਡਾ. ਢਿੱਲੋਂ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਅੰਦਰ ਇਸ ਸਾਲ 1 ਲੱਖ 70 ਹਜ਼ਾਰ ਹੈੱਕਟੇਅਰ ਰਕਬੇ ਵਿਚ ਝੋੋਨੇ ਦੀ ਕਾਸ਼ਤ ਕੀਤੀ ਗਈ ਹੈ, ਜਿਸ ’ਚੋਂ ਕਰੀਬ 10 ਲੱਖ ਮੀਟਰਕ ਟਨ ਪਰਾਲੀ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਪਰਾਲੀ ਨੂੰ ਅੱਗ ਲਗਾਏ ਬਗੈਰ ਸੰਭਾਲਣ ਅਤੇ ਨਿਪਟਾਉਣ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਅੰਦਰ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਜਿਹੜੀਆਂ ਟੀਮਾਂ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ, ਉਨ੍ਹਾਂ ਵੱਲੋਂ ਹੁਣ ਤੋਂ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਨੰਬਰਦਾਰਾਂ ਸਮੇਤ ਹੋਰ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਹਰੇਕ ਕਿਸਾਨ ਤੱਕ ਇਹ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਕਿਸਾਨ ਖੇਤਾਂ ਵਿਚ ਅੱਗ ਨਾ ਲਗਾਏ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਵੇਰ ਦੀ ਅਸੈਂਬਲੀ ਵਿਚ ਪਹੁੰਚ ਕੇ ਵੀ ਬੱਚਿਆਂ ਤੇ ਅਧਿਆਪਕਾਂ ਨੂੰ ਖੇਤਾਂ ਵਿਚ ਲਗਾਈ ਜਾਣ ਵਾਲੀ ਅੱਗ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾਵੇਗਾ।

ਕਿਸਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ 4648 ਮਸ਼ੀਨਾਂ

ਡਾ. ਢਿੱਲੋਂ ਨੇ ਦੱਸਿਆ ਕਿ ਰਹਿੰਦ-ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਲਈ ਹੁਣ ਤੱਕ ਕਿਸਾਨਾਂ ਨੂੰ ਐਕਸਸੀਟ ਤੇ ਇਨਸੀਟੂ ਮੈਨੇਜਮੈਂਟ ਤਹਿਤ 4648 ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਵੀ ਇਹ ਸਿਲਸਿਲਾ ਜਾਰੀ ਹੈ ਅਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾ ਕੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਉਕਤ ਮਸ਼ੀਨਾਂ ਵਿਚ ਕਰੀਬ 640 ਰੇਕ ਬੇਲਰ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਬੇਲਰ ਮਾਲਕ ਚੰਗੀ ਕਮਾਈ ਕਰ ਰਹੇ ਹਨ ਅਤੇ ਪਰਾਲੀ ਨੂੰ ਵੱਖ-ਵੱਖ ਥਾਵਾਂ ਤੋਂ ਇਕੱਤਰ ਕਰ ਕੇ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਵਿਚ ਜਲਦੀ ਹੀ ਕੁਝ ਨਵੇਂ ਪਲਾਂਟ ਚਾਲੂ ਹੋ ਜਾਣਗੇ, ਜਿਥੇ ਪਰਾਲੀ ਦੀ ਖ਼ਪਤ ਹੋਵੇਗੀ।

ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ

ਕੀ ਸੀ ਪਿਛਲੇ ਸਾਲਾਂ ਦੀ ਸਥਿਤੀ?

ਡਾ. ਢਿੱਲੋਂ ਨੇ ਦੱਸਿਆ ਕਿ ਇਸ ਸਾਲ ਜ਼ੀਰੋ ਸਪਾਟ ਦਾ ਮਿਸ਼ਨ ਲੈ ਕੇ ਕੰਮ ਕਰ ਰਹੇ ਹਨ ਅਤੇ ਪੂਰੀ ਕੋਸ਼ਿਸ਼ ਹੈ ਕਿ ਕਿਸੇ ਵੀ ਖੇਤ ਵਿਚ ਅੱਗ ਨਾ ਲੱਗਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਲ 2020 ਦੌਰਾਨ ਝੋਨੇ ਦੀ ਸੀਜ਼ਨ ਵਿਚ ਕਰੀਬ 1940 ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਅੱਗ ਲੱਗੀ ਸੀ ਅਤੇ 2021 ਵਿਚ ਜ਼ਿਲ੍ਹੇ ਅੰਦਰ 1394 ਥਾਵਾਂ ’ਤੇ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਸਨ। ਪਿਛਲੇ ਸਾਲ ਇਹ ਗਿਣਤੀ 854 ਸੀ।

ਅੱਗ ਲਗਾਏ ਬਗੈਰ ਕਿਵੇਂ ਹੋਵੇਗੀ ਕਣਕ ਦੀ ਬਿਜਾਈ?

ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਦੀ ਸਿਹਤ ਸੁਧਾਰਨ ਲਈ ਅਤੇ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾਉਣ। ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਵਿੱਚ ਖੜ੍ਹੇ ਫ਼ਸਲ ਦੇ ਕਰਚਿਆਂ ਵਿਚ ਹੀ ਕਣਕ ਦੇ 40-50 ਕਿਲੋਂ ਪ੍ਰਤੀ ਏਕੜ ਬੀਜ ਅਤੇ ਡਾਇਆ ਖਾਦ ਦਾ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ ਕਮ ਸਪਰੈਡਰ ਨਾਲ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰ੍ਹਾਂ ਉੱਗ ਸਕੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਫੇਸ ਸੀਡਰ ਨਾਮ ਦੀ ਇਕ ਮਸ਼ੀਨ ਤਿਆਰ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਸ਼ੀਨ ’ਤੇ ਕਿਸਾਨਾਂ ਨੂੰ 40 ਤੋਂ 64 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਸਬਸਿਡੀ ’ਤੇ ਇਹ ਮਸ਼ੀਨ ਲੈਣ ਦੇ ਚਾਹਵਾਨ ਕਿਸਾਨ 10 ਸਤੰਬਰ ਤੱਕ ਆਨਲਾਈਨ ਬਿਨੈਪੱਤਰ ਦੇ ਸਕਦੇ ਹਨ।

‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ ਕੀਤੇ ਜਾਣਗੇ ਅੱਗ ਨਾ ਲਗਾਉਣ ਵਾਲੇ ਕਿਸਾਨ : ਡੀ. ਸੀ.

ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਸਾਲ ਕਿਸਾਨਾਂ ਜਾਗਰੂਕ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਅੰਦਰ ਹਾਟ-ਸਪਾਟ ਪਿੰਡਾਂ ’ਚ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

ਡੀ. ਸੀ. ਨੇ ਦੱਸਿਆ ਕਿ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡ ਹਨ ਅਤੇ ਇਨ੍ਹਾਂ ’ਚੋਂ ਜਿਹੜੇ ਪਿੰਡਾਂ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਇਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਮਾਲ ਵਿਭਾਗ, ਪੁਲਸ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੇ ਨਿਰਧਾਰਤ ਖ਼ੇਤਰ ’ਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ’ਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹਰ ਬਲਾਕ ’ਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News