ਗੁਰਦਾਸਪੁਰ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂ ਧੰਨ ਦੀ ਭਲਾਈ ਲਈ ਰਾਹਤ ਕਾਰਜ ਜਾਰੀ
Thursday, Sep 18, 2025 - 05:57 PM (IST)

ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਟੀਮਾਂ ਜਿੱਥੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ ਓਥੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂ ਧੰਨ ਦੀ ਭਲਾਈ ਲਈ ਵੀ ਰਾਹਤ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਨਾਲ ਲੱਗਦੇ 343 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਨ੍ਹਾਂ ਵਿਚੋਂ 235 ਪਿੰਡਾਂ 'ਚ 70486 ਜਾਨਵਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਹੜ੍ਹ ਦੇ ਪਹਿਲੇ ਦਿਨ ਤੋਂ ਹੀ ਪ੍ਰਭਾਵਿਤ ਪਿੰਡਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਇਸ ਮਕਸਦ ਲਈ ਪਸ਼ੂ ਪਾਲਣ ਵਿਭਾਗ ਨੇ ਵੈਟਰਨਰੀ ਡਾਕਟਰਾਂ ਦੀ ਅਗਵਾਈ ਹੇਠ 41 ਟੀਮਾਂ ਬਣਾਈਆਂ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 297 ਵੈਟਰਨਰੀ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਟੀਮਾਂ ਤੱਕ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਘਰਾਂ/ਡੇਅਰੀ ਫਾਰਮਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਪਸ਼ੂਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਹੁਣ ਤੱਕ 12851 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਟੀਮਾਂ ਵੱਲੋਂ 9720 ਪਸ਼ੂਆਂ ਨੂੰ ਗੱਲ ਘੋਟੂ ਦੀ ਵੈਕਸੀਨ ਬੂਸਟਰ ਬਿਲਕੁਲ ਮੁਫ਼ਤ ਲਗਾਈ ਗਈ ਹੈ ਅਤੇ ਵੈਕਸੀਨ ਲਗਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਹੈ ਤਾਂ ਜੋ ਪਸ਼ੂਆਂ ਨੂੰ ਗਲ-ਘੋਟੂ ਬਿਮਾਰੀ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਦੋ ਔਰਤਾਂ ਸਮੇਤ ਛੇ ਤਸਕਰ ਗ੍ਰਿਫ਼ਤਾਰ, 9 ਕਿਲੋ ਹੈਰੋਇਨ ਹੋਈ ਬਰਾਮਦ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜਿੱਥੇ ਪਸ਼ੂ ਧੰਨ ਦਾ ਇਲਾਜ ਕੀਤਾ ਜਾ ਰਿਹਾ ਹੈ ਓਥੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪਸ਼ੂਆਂ ਦੀ ਫਰਟਿਲਿਟੀ ਨੂੰ ਬਰਕਰਾਰ ਰੱਖਣ ਲਈ ਮਿਨਰਲ ਮਿਕਸਚਰ, ਲਾਪਰਹਿਤ ਕਰਨ ਲਈ ਡੀਵਰਮਰ ਅਤੇ ਯੂਰੋਮਿਨ ਲਿਕ ਵੰਡੀ ਜਾ ਰਹੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲਾਲ ਦਵਾਈ (ਪੋਟਾਸ਼ੀਅਮ ਪ੍ਰਮਾਂਗਨੇਟ) ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਮਰੇ ਜਾਨਵਰਾਂ ਦਾ ਮੁਆਵਜ਼ਾ ਦੇਣ ਲਈ ਵੀ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਇਹਨਾਂ ਟੀਮਾਂ ਵਿੱਚ 48 ਵੈਟਰਨਰੀ ਅਫ਼ਸਰ ਦੀ ਡਿਊਟੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਕਾਬੂ ਪਾ ਲਵਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8