ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੱਬਾਂ
Tuesday, Mar 04, 2025 - 03:15 PM (IST)

ਗੁਰਦਾਸਪੁਰ (ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੱਬਾਂ ਭਾਰ ਹੋ ਗਿਆ ਹੈ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਸਾਂਝੀ ਮੀਟਿੰਗ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਇੱਕ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ, ਪੁਲਿਸ ਵਿਭਾਗ ਦੇ ਐੱਸ.ਪੀ. ਤੇ ਡੀ.ਐੱਸ.ਪੀ. ਅਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿੱਥੇ ਪੁਲਸ ਵਿਭਾਗ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਕੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੇ ਪੁਨਰਵਾਸ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਟਰੇਨਿੰਗ ਦਿੱਤੀ ਜਾਵੇਗੀ ਅਤੇ ਨਾਲ ਹੀ ਵੱਖ-ਵੱਖ ਸ਼ਹਿਰਾਂ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਹੌਟ-ਸਪਾਟ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਪ੍ਰਭਾਵਿਤ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਿਨ ਕੀਤਾ ਜਾਵੇਗਾ ਜੋ ਸਿੱਧੇ ਤੌਰ 'ਤੇ ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਦੇ ਸੰਪਰਕ ਵਿੱਚ ਰਹਿਣਗੀਆਂ। ਨਸ਼ਾ ਵਿਰੋਧੀ ਕਮੇਟੀਆਂ ਵਿੱਚ ਪਿੰਡਾਂ ਦੇ ਨੰਬਰਦਾਰ, ਪੰਚਾਇਤ ਮੈਂਬਰ ਅਤੇ ਹੋਰ ਮੁਹਤਬਰ ਸ਼ਾਮਿਲ ਕੀਤੇ ਜਾਣਗੇ। ਇਸ ਤੋਂ ਇਲਾਵਾ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਤਹਿਤ ਸੈਮੀਨਾਰ, ਜਾਗਰੂਕਤਾ ਰੈਲੀਆਂ, ਨੁੱਕੜ ਮੀਟਿੰਗਾਂ ਆਦਿ ਵੀ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੇਲੇ ਕਰਵਾਏ ਜਾਣਗੇ ਅਤੇ ਇਸ ਸਬੰਧੀ ਇੱਕ ਈਵੈਂਟ ਕਲੰਡਰ ਤਿਆਰ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇਗਾ ਅਤੇ ਸਕੂਲਾਂ, ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੀਆਂ ਨਸ਼ਾ ਵਿਰੋਧੀ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੀ ਅਲਾਮਤ ਅਤੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰਦੇ ਪੈਂਫਲੈੱਟ ਤਿਆਰ ਕਰਕੇ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਉੱਪਰ ਵੰਡੇ ਜਾਣਗੇ।
ਇਹ ਵੀ ਪੜ੍ਹੋ- ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
ਡਿਪਟੀ ਕਮਿਸ਼ਨਰ ਡਾ. ਓਮਾ ਸ਼ੰਕਰ ਗੁਪਤਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵਿਅਕਤੀ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਨੂੰ ਇਲਾਜ ਲਈ ਓਟ ਕੇਂਦਰਾਂ ਵਿੱਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਨੂੰ ਜਿੱਤਣ ਲਈ ਆਪਣਾ ਸਾਥ ਦੇਣ ਤਾਂ ਜੋ ਅਸੀਂ ਸਾਰੇ ਮਿਲ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰ ਸਕੀਏ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਆਪੋ-ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8