ਗੁਰਦਾਸਪੁਰ ਪੰਜਾਬ ਭਰ ’ਚ ਰਿਹਾ ਮੋਹਰੀ, ਇਸ ਮਾਮਲੇ 'ਚ ਇਨ੍ਹਾਂ ਜ਼ਿਲ੍ਹਿਆਂ ਨੂੰ ਪਿੱਛੇ ਛੱਡਿਆ
Tuesday, Nov 17, 2026 - 02:47 PM (IST)
ਗੁਰਦਾਸਪੁਰ (ਹਰਮਨ)- ਪੰਜਾਬ ਵਿਚ ਕਣਕ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਨੇ ਸ਼ਾਨਦਾਰ ਪ੍ਰਗਤੀ ਦਰਜ ਕਰਦਿਆਂ ਸੂਬੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁਹੱਈਆ ਜ਼ਿਲਾਵਾਰ ਅੰਕੜਿਆਂ ਅਨੁਸਾਰ ਨਵੰਬਰ ਦੇ ਦੂਜੇ ਹਫ਼ਤੇ ਤੱਕ ਜ਼ਿਲੇ ਦੇ ਕਣਕ ਦੀ ਬਿਜਾਈ ਅਧੀਨ ਕੁੱਲ ਰਕਬੇ ’ਚੋਂ 87 ਫ਼ੀਸਦੀ ਰਕਬੇ ਵਿਚ ਬਿਜਾਈ ਮੁਕੰਮਲ ਹੋ ਚੁੱਕੀ ਹੈ। ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਦੇ ਨਾਲ-ਨਾਲ ਖੇਤਾਂ ਦੀ ਤਿਆਰੀ ਕਰ ਕੇ ਕਣਕ ਦੀ ਬਿਜਾਈ ਨੂੰ ਪਹਿਲ ਦੇਣ ਸਦਕਾ ਜ਼ਿਲੇ ਨੇ ਇਹ ਪ੍ਰਗਤੀ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਗੁਰਦਾਸਪੁਰ ਨੇ ਮਲੇਰਕੋਟਲਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਵਰਗੇ ਜ਼ਿਲਿਆਂ ਨੂੰ ਵੀ ਪਿੱਛੇ ਛੱਡਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼
ਅੰਕੜਿਆਂ ਅਨੁਸਾਰ ਮਲੇਰਕੋਟਲਾ ਵਿਚ 74.5 ਫ਼ੀਸਦੀ, ਪਟਿਆਲਾ ਵਿਚ 69.9 ਫ਼ੀਸਦੀ, ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿੱਚ 65.6 ਫ਼ੀਸਦੀ ਅਤੇ ਰੂਪਨਗਰ ਵਿਚ 61.6 ਫ਼ੀਸਦੀ ਰਕਬੇ ਵਿਚ ਕਣਕ ਦੀ ਬਿਜਾਈ ਹੋਈ ਸੀ। ਇਸ ਦੇ ਮੁਕਾਬਲੇ ਕਈ ਹੋਰ ਜ਼ਿਲਿਆਂ ਵਿਚ ਬਿਜਾਈ ਦੀ ਰਫ਼ਤਾਰ ਕਾਫ਼ੀ ਘੱਟ ਰਹੀ। ਪੰਜਾਬ ਵਿਚ ਕਣਕ ਦੀ ਬਿਜਾਈ ਲਈ ਲਗਭਗ 34.5 ਤੋਂ 35 ਲੱਖ ਹੈਕਟੇਅਰ ਰਕਬਾ ਨਿਰਧਾਰਤ ਹੈ ਅਤੇ ਕਿਸਾਨਾਂ ਲਈ 15 ਨਵੰਬਰ ਤੱਕ ਦਾ ਸਮਾਂ ਬਿਜਾਈ ਵਾਸਤੇ ਵਿਸ਼ੇਸ਼ ਮਹੱਤਵ ਰੱਖਦਾ ਹੈ। ਖੇਤੀ ਮਾਹਿਰਾਂ ਅਨੁਸਾਰ ਸਮੇਂ ਸਿਰ ਬਿਜਾਈ ਹੋਣ ਨਾਲ ਫ਼ਸਲ ਦਾ ਸਹੀ ਵਿਕਾਸ ਅਤੇ ਵਧੀਆ ਝਾੜ ਪ੍ਰਾਪਤ ਕਰਨ ਵਿਚ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ-ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਅਫ਼ੀਮ ਸਮੇਤ ਗ੍ਰਿਫ਼ਤਾਰ
ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੀ ਖੇਤੀਬਾੜੀ ਖੇਤਰ ਦੀ ਅਹਿਮ ਤਰਜੀਹ ਬਣਿਆ ਹੋਇਆ ਹੈ। ਪੰਜਾਬ ਵਿਚ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ। 15 ਸਤੰਬਰ ਤੋਂ 15 ਨਵੰਬਰ ਤੱਕ ਸੂਬੇ ਵਿਚ ਪਰਾਲੀ ਸਾੜਨ ਦੇ 5,972 ਮਾਮਲੇ ਸਾਹਮਣੇ ਆਏ, ਜਦਕਿ ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ ਇਹ ਗਿਣਤੀ 5,114 ਸੀ। ਗੁਰਦਾਸਪੁਰ ਜ਼ਿਲੇ ਵਿਚ 14 ਨਵੰਬਰ ਤੱਕ ਪਰਾਲੀ ਸਾੜਨ ਦੀਆਂ 133 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਅਜਿਹੇ ਵਿਚ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ- ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ
ਪੰਜਾਬ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 1.25 ਲੱਖ ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਅਾ ਹਨ, ਜਿਨ੍ਹਾਂ ਵਿਚ ਲਗਭਗ 70 ਹਜ਼ਾਰ ਸੁਪਰ ਸੀਡਰ ਸ਼ਾਮਲ ਹਨ। ਸੁਪਰ ਸੀਡਰ ਅਜਿਹੀ ਮਸ਼ੀਨ ਹੈ, ਜਿਸ ਰਾਹੀਂ ਝੋਨੇ ਦੀ ਖੜ੍ਹੀ ਪਰਾਲੀ ਨੂੰ ਮਿੱਟੀ ਵਿਚ ਮਿਲਾਉਂਦਿਆਂ ਉਸੇ ਸਮੇਂ ਕਣਕ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੈਪੀ ਸੀਡਰ ਅਤੇ ਹੋਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ। ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਨੂੰ ਵੀ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲੇ ਵਿਚ ਕਣਕ ਦੀ ਬਿਜਾਈ ਦੇ ਮਾਮਲੇ ਵਿਚ ਕਿਸਾਨਾਂ ਨੇ ਬਹੁਤ ਵਧੀਆ ਪ੍ਰਗਤੀ ਦਿਖਾਈ ਹੈ ਅਤੇ ਜ਼ਿਲਾ ਸੂਬੇ ਭਰ ਵਿਚ ਪਹਿਲੇ ਸਥਾਨ ’ਤੇ ਹੈ। ਉਨ੍ਹਾਂ ਕਿਹਾ ਕਿ 9 ਨਵੰਬਰ ਤੱਕ ਜ਼ਿਲੇ ਦੇ 84.2 ਫ਼ੀਸਦੀ ਰਕਬੇ ਵਿਚ ਕਣਕ ਦੀ ਬਿਜਾਈ ਮੁਕੰਮਲ ਹੋਣਾ ਕਿਸਾਨਾਂ ਦੀ ਮਿਹਨਤ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ। ਵਿਭਾਗ ਵੱਲੋਂ ਬਾਕੀ ਰਹਿੰਦੇ ਰਕਬੇ ਵਿਚ ਵੀ ਸਮੇਂ ਸਿਰ ਬਿਜਾਈ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਤਕਨੀਕੀ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਸੰਭਾਲ ਅਜੋਕੇ ਸਮੇਂ ਦੀ ਵੱਡੀ ਲੋੜ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ। ਇਸ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਖੇਤੀ ਦੀ ਲਾਗਤ ਅਤੇ ਸਰੋਤਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲਦੀ ਹੈ।
ਡਾ. ਚੀਮਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਵਿਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਦਾ ਲਾਭ ਲੈਣ, ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਅਤੇ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲੇ ਵਿਚ ਪਰਾਲੀ ਸੰਭਾਲਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਖੇਤੀਬਾੜੀ ਨੂੰ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣ ਲਈ ਯਤਨ ਜਾਰੀ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
