ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਦੀ ਸਮਾਪਤੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

11/03/2020 5:29:21 PM

ਡੇਰਾ ਬਾਬਾ ਨਾਨਕ (ਵਤਨ): ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਹੋਏ ਸਮਾਗਮਾਂ ਤੋਂ ਬਾਅਦ ਸਾਰਾ ਸਾਲ ਚਲਦੇ ਰਹੇ ਸਮਾਗਮਾਂ ਤੋਂ ਬਾਅਦ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸਮਾਪਤੀ ਸਮਾਗਮ ਮਨਾਇਆ ਜਾਣਾ ਹੈ। ਇਸ ਸਬੰਧੀ ਅੱਜ ਸਬ-ਡਵੀਜਨ ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਅਰਸ਼ਦੀਪ ਸਿੰਘ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਟੀਮ ਵਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ ਅਤੇ ਇਸ ਦੇ ਨਜ਼ਦੀਕ ਵਾਲੇ ਸਥਾਨਾਂ ਦਾ ਦੌਰਾ ਕੀਤਾ ਗਿਆ। 

PunjabKesari

ਇਸ ਮੌਕੇ ਐੱਸ.ਡੀ.ਐੱਮ. ਅਰਸ਼ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਵਰ੍ਹੇ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਹੋਏ ਸਮਾਗਮਾਂ ਦੀ ਸਮਾਪਤੀ ਹੋਣ ਜਾ ਰਹੀ ਹੈ, ਜਿਸ ਤਹਿਤ ਡੇਰਾ ਬਾਬਾ ਨਾਨਕ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਨਾਲ ਲਗਦੀ ਕੌਮਾਂਤਰੀ ਭਾਰਤ ਪਾਕਿ ਸਰਹੱਦ ਕੋਲ ਸਮਾਗਮ ਕਰਵਾਇਆ ਜਾਣਾ ਹੈ, ਜਿਸ ਤਹਿਤ ਸਰਹੱਦ ਕੋਲ ਹੀ 5 ਏਕੜ ਦੀ ਜਗ੍ਹਾ ਤੇ ਸਮਾਗਮ ਕਰਵਾਇਆ ਜਾਵੇਗਾ, ਇਸ ਤੋਂ ਇਲਾਵਾ ਲੰਗਰ ਅਤੇ ਪਾਰਕਿੰਗ ਲਈ ਹੋਰ ਜਮੀਨ ਪ੍ਰਾਪਤ ਕੀਤੀ ਜਾਵੇਗੀ ਅਤੇ ਜਮੀਨ ਦੇ ਮਾਲਕ ਕਿਸਾਨਾਂ ਨੂੰ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਇਸ ਸਮਾਗਮ ਕਾਫੀ ਸੀਮਤ ਹੋਵੇਗਾ ਅਤੇ ਸਿਰਫ 2 ਕੁ ਹਜਾਰ ਸੰਗਤ ਦੀ ਸਮਰਥਾ ਤਹਿਤ ਹੀ ਇਸ ਸਮਾਗਮ ਦਾ ਆਯੋਜਨ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ 30 ਨਵੰਬਰ ਨੂੰ ਭੋਗ ਪੈਣਗੇ ਅਤੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਇਸ ਸਮਾਗਮ ਵਿਚ ਉਚੇਚੇ ਤੌਰ ਤੇ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਧਾਰਮਿਕ ਸਮਾਗਮ ਵਿਚ ਰਾਗੀ ਢਾਡੀ ਅਤੇ ਕੀਰਤਨੀ ਜਥੇ ਸੰਗਤ ਨੂੰ ਗੁਰਬਾਣੀ ਨਾਲ ਜੋੜਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਜਲਦ ਹੀ ਤਿਆਰੀਆਂ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਜਾਵੇਗਾ।


Shyna

Content Editor

Related News