ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Wednesday, Aug 05, 2026 - 09:47 PM (IST)
ਅੰਮ੍ਰਿਤਸਰ (ਛੀਨਾ) - ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਦੇਸ਼ ਭਰ ਦੇ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਹੋਈ।
ਮੁਲਾਕਾਤ ਦੌਰਾਨ ਹਰਦੀਪ ਸਿੰਘ ਗਿੱਲ ਨੇ ਗ੍ਰਹਿ ਮੰਤਰੀ ਨੂੰ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ, ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ।
ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਵੀ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਇਸ ਦਾ ਗੰਭੀਰ ਨੋਟਿਸ ਲਿਆ ਸੀ। ਕਮਿਸ਼ਨ ਵੱਲੋਂ ਤੁਰੰਤ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਅਤੇ ਪੀੜਤ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਅਤੇ ਜਾਰੀ ਕੀਤੇ ਗਏ ਨਿਰਦੇਸ਼ਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਫ਼ਾਈ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨਾ ਹੋਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਇਨਸਾਫ਼ ਮਿਲੇ।
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਭਵਿੱਖ ਵਿੱਚ ਵੀ ਸਫ਼ਾਈ ਕਰਮਚਾਰੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦਾ ਰਹੇਗਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦਾ ਸਨਮਾਨ, ਸੁਰੱਖਿਆ ਅਤੇ ਭਲਾਈ ਕੇਂਦਰ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਹਰ ਸੰਭਵ ਯਤਨ ਅੱਗੇ ਵੀ ਜਾਰੀ ਰਹਿਣਗੇ।
