ਪਾਕਿਸਤਾਨ ''ਚ ਹਿੰਦੂ ਤੇ ਸਿੱਖ ਡਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ : ਪ੍ਰੋ. ਸਰਚਾਂਦ ਸਿੰਘ

Tuesday, Jan 31, 2023 - 04:12 PM (IST)

ਪਾਕਿਸਤਾਨ ''ਚ ਹਿੰਦੂ ਤੇ ਸਿੱਖ ਡਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੇ ਜੈਕਬਾਬਾਦ 'ਚ ਇਕ ਮੌਲਵੀ ਵੱਲੋਂ ਸਿੱਖ ਕੌਮ ਦੇ ਆਗੂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਰੀਸ਼ ਸਿੰਘ ਦੀ ਬੇਇਨਸਾਫ਼ੀ ਨਾਲ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸਖ਼ਤ ਰੁਖ਼ ਆਪਣਾਉਦੇ ਹੋਏ ਪਾਕਿਸਤਾਨ ਸਰਕਾਰ ਤੋਂ ਮੁਲਜ਼ਮ ਮੌਲਵੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਉਥੋਂ ਦੇ ਹਿੰਦੂਆਂ ਤੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਪ੍ਰੋਫੈਸਰ ਸਰਚਾਂਦ ਸਿੰਘ ਨੇ ਕਿਹਾ ਕਿ ਪਾਕਿਸਤਾਨ 'ਚ ਘੱਟ ਗਿਣਤੀ ਵਾਲਿਆਂ ਨਾਲ ਦੁਰਵਿਵਹਾਰ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਹਿੰਦੂਆਂ ਅਤੇ ਸਿੱਖਾਂ 'ਤੇ ਹਮਲੇ ਹੋ ਚੁੱਕੇ ਹਨ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚ ਇਸਲਾਮਿਕ ਕੱਟੜਪੰਥੀਆਂ ਨੇ ਘੱਟ ਗਿਣਤੀਆਂ ਲਈ ਇਕ ਸਮਾਨ ਜੀਵਨ ਜਿਊਣਾ ਬੇਹੱਦ ਮੁਸ਼ਕਲ ਕਰ ਦਿੱਤਾ ਹੈ। ਦੇਸ਼ ਵਿਚ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਦੇ ਅਗਵਾ, ਜਬਰੀ ਧਰਮ ਪਰਿਵਰਤਨ ਅਤੇ ਕਤਲ ਦੀਆਂ ਕਈ ਘਟਨਾਵਾਂ ਜਾਰੀ ਹਨ। ਹਿੰਦੂ ਅਤੇ ਸਿੱਖ ਔਰਤਾਂ ਅਤੇ ਨੌਜਵਾਨ ਕੁੜੀਆਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 2 ਮੁੰਡਿਆਂ ਦਾ ਵਿਆਹ ਮੁੜ ਚਰਚਾ 'ਚ, ਜੈਂਡਰ ਬਦਲ ਰਵੀ ਤੋਂ ਬਣਿਆ ਸੀ 'ਰੀਆ ਜੱਟੀ'

ਉਨ੍ਹਾਂ ਕਿਹਾ ਕਿ ਸ਼ਾਹ ਗਾਜ਼ੀ ਮੁਹੱਲੇ 'ਚ ਰਹਿਣ ਵਾਲੇ ਪਾਕਿਸਤਾਨੀ ਸਿੱਖ ਨਾਗਰਿਕ ਹਰੀਸ਼ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਅਤੇ ਵਿਸ਼ਵ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ ਕਿ ਪਾਕਿਸਤਾਨ 'ਚ ਸਿੱਖਾਂ ਅਤੇ ਹਿੰਦੂਆਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੀਸ਼ ਸਿੰਘ ਜੋ ਕਿ ਆਪਣੀ ਧੀ ਨੂੰ ਸਕੂਲ ਤੋਂ ਲੈਣ ਗਿਆ ਸੀ, ਨੂੰ ਸਕੂਲ ਦੇ ਬਾਹਰ ਮੁਸਲਿਮ ਭਾਈਚਾਰੇ ਦੇ ਮੌਲਵੀ ਅਤੇ ਉਸਦੇ ਸਾਥੀਆਂ ਨੇ ਧਮਕੀਆਂ ਦੇ ਕੇ ਉਥੋਂ ਵਾਪਸ ਜਾਣ ਲਈ ਕਿਹਾ। ਫਿਰ ਉਸ ਨੇ ਉਸ ਦੀ ਧੀ ਦੇ ਸਾਹਮਣੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦੀ ਬੇਇੱਜ਼ਤੀ ਕਰਨ ਤੋਂ ਇਲਾਵਾ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਵਿਚ ਘੱਟ ਗਿਣਤੀ ਭਾਈਚਾਰੇ 'ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਹੋਰ ਸ਼ਹਿ ਮਿਲੇਗੀ।

ਪ੍ਰੋ: ਸਰਚਾਂਦ ਸਿੰਘ ਨੇ ਸਥਾਨਕ ਭਾਈਚਾਰੇ ਨੂੰ ਹਿੰਦੂ ਸਿੱਖਾਂ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚ ਹਿੰਦੂ ਸਿੱਖ ਭਾਈਚਾਰਾ ਡਰਿਆ ਹੋਇਆ ਹੈ। ਉਨ੍ਹਾਂ ਦੇ ਬੱਚੇ ਡਰ ਦੇ ਮਾਰੇ ਸਕੂਲ ਜਾਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਨੇ ਪਾਕਿਸਤਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੀਤੇ ਦਿਨ ਅਧਿਕਾਰੀਆਂ ਨੇ ਰਾਵਲਪਿੰਡੀ ਦੇ ਛਾਉਣੀ ਖੇਤਰ ਵਿਚ ਪਿਛਲੇ 70 ਸਾਲਾਂ ਤੋਂ ਰਹਿ ਰਹੇ ਹਿੰਦੂ ਅਤੇ ਈਸਾਈ ਘੱਟ ਗਿਣਤੀ ਭਾਈਚਾਰੇ ਦੇ 5 ਘਰਾਂ ਨੂੰ ਢਾਹ ਦਿੱਤਾ ਹੈ। ਉਨ੍ਹਾਂ ਦਾ ਸਾਮਾਨ ਸੜਕ 'ਤੇ ਸੁੱਟ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਘਰ ਛੱਡਣ ਲਈ ਮਜ਼ਬੂਰ ਕੀਤਾ ਗਿਆ। ਪੀੜਤ ਹਿੰਦੂ ਪਰਿਵਾਰਾਂ ਨੇ ਇਕ ਨੇੜਲੇ ਮੰਦਰ 'ਚ ਸ਼ਰਨ ਲਈ ਹੈ। ਜਦੋਂ ਕਿ ਇਸਾਈ ਪਰਿਵਾਰਾਂ ਨੂੰ ਬਿਨਾਂ ਕਿਸੇ ਆਸਰੇ ਦੇ ਸੜਕਾਂ 'ਤੇ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਈ-ਰਿਕਸ਼ਾ ਚਾਲਕ ਦੀ ਗੁੰਡਾਗਰਦੀ, ਕਈ ਵਾਹਨਾਂ ਨੂੰ ਟੱਕਰ ਮਾਰ ਹੋਇਆ ਫ਼ਰਾਰ

2017 ਵਿਚ ਪਾਕਿਸਤਾਨ 'ਚ ਸਿੱਖਾਂ ਨੂੰ ਮਰਦਮਸ਼ੁਮਾਰੀ ਵਿੱਚੋਂ ਬਾਹਰ ਰੱਖਿਆ ਗਿਆ ਸੀ। ਇਸ ਨੂੰ ਬਹਾਲ ਕਰਨ ਲਈ ਸੁਪਰੀਮ ਕੋਰਟ ਨੂੰ ਦਖ਼ਲ ਦੇਣੀ ਪਈ। ਉਨ੍ਹਾਂ ਕਿਹਾ ਕਿ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਕਾਰਨ ਸਿਰਫ਼ ਦੋ ਦਹਾਕਿਆਂ ਵਿਚ ਹੀ ਸਿੱਖਾਂ ਦੀ ਆਬਾਦੀ 'ਚ ਕਰੀਬ 80 ਫੀਸਦੀ ਦੀ ਕਮੀ ਆਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News