ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੱਖਾਂ ਦੇ ਪਰਿਵਾਰਾਂ ਵੱਲੋਂ 22 ਫਰਵਰੀ ਨੂੰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਹੋਈ ਖ਼ਤਮ

03/18/2024 3:36:00 AM

ਅੰਮ੍ਰਿਤਸਰ (ਸਰਬਜੀਤ)- ਹੈਰੀਟੇਜ ਸਟਰੀਟ 'ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਅਸਾਮ ਦੀ ਜੇਲ੍ਹ ਤੋਂ ਪੰਜਾਬ ਵਿੱਚ ਲਿਆਉਣ ਵਾਸਤੇ ਉਨ੍ਹਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਦੇ ਨਾਲ ਹੋਰ ਬੰਦੀ ਸਿੱਖਾਂ ਦੇ ਪਰਿਵਾਰਾਂ ਵੱਲੋਂ 22 ਫਰਵਰੀ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਕਿ ਸਮਾਪਤ ਕਰ ਦਿੱਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਵਿਚਾਰ ਕਰਨ ਦੇ ਉਪਰੰਤ ਇਹ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਤੇ ਹੋਰ ਪਰਿਵਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ 6 ਪੌੜੀਆਂ ਦਾ ਪਾਠ ਕਰ ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਲੈ ਕੇ ਇਹ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। 

ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਚੱਲ ਰਹੀ ਇਹ ਭੁੱਖ ਹੜਤਾਲ ਦੇ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਤੇ ਹੋਰਨਾਂ ਦੀ ਸਿਹਤ ਵੀ ਕਾਫੀ ਖ਼ਰਾਬ ਨਜ਼ਰ ਆ ਰਹੀ ਸੀ, ਜਿਸ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਇਹ ਫੈਸਲਾ ਲੈ ਕੇ ਭੁੱਖ ਹੜਤਾਲ ਸਮਾਪਤ ਕਰਵਾਈ ਗਈ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਦੀ ਹਵੇਲੀ 'ਚ ਮੁੜ ਆਈ 'ਸ਼ੁੱਭ' ਘੜੀ, ਛੋਟੇ ਸਿੱਧੂ ਦੇ ਜਨਮ 'ਤੇ ਪ੍ਰਸ਼ੰਸਕਾਂ ਤੋਂ ਨਹੀਂ ਸਾਂਭੀ ਜਾਂਦੀ ਖੁਸ਼ੀ 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਕੀਤੀਆਂ ਵਿਚਾਰਾਂ ਤੋਂ ਬਾਅਦ ਇਹ ਭੁੱਖ ਹੜਤਾਲ ਬੰਦ ਕਰ ਦਿੱਤੀ ਗਈ ਹੈ ਪਰ ਇਹ ਮੋਰਚਾ ਉਸੇ ਤਰ੍ਹਾਂ ਹੀ ਚੱਲਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਮੋਰਚਾ ਚੁੱਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੁਬਾਰਾ ਆਉਣ ਵਾਲੇ ਹੁਕਮਾਂ ਦਾ ਇੰਤਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ 'ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਦੀ ਭੁੱਖ ਹੜਤਾਲ ਖੋਲ੍ਹਣ ਵਾਸਤੇ ਸ੍ਰੀ ਦਰਬਾਰ ਸਾਹਿਬ ਤੋਂ ਪੰਜ ਸਿੰਘਾਂ ਦੀ ਕਮੇਟੀ ਜਾਵੇਗੀ।

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਮੋਰਚੇ ਨੂੰ ਕਮਜ਼ੋਰ ਬਣਾਉਣ ਲਈ ਸਰਕਾਰਾਂ ਨੇ ਪੂਰੀ ਰਣਨੀਤੀ ਨਾਲ ਚਾਲ ਚੱਲੀ ਹੈ। ਉਨ੍ਹਾਂ ਕਿਹਾ ਕਿ 22 ਫਰਵਰੀ ਨੂੰ ਇਹ ਮੋਰਚਾ ਲਗਾ ਕੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ, ਜਿਸ ਕਾਰਨ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੱਖਾਂ ਦੇ ਪਰਿਵਾਰਾਂ ਦੀ ਹਾਲਤ ਵੀ ਖਰਾਬ ਹੋਣੀ ਸ਼ੁਰੂ ਹੋ ਗਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਸਿੱਖ ਸੰਸਥਾਵਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਹ ਭੁੱਖ ਹੜਤਾਲ ਸਮਾਪਤ ਕਰਵਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪਾਕਿਸਤਾਨ ਦੇ ਪੈਰ 'ਚ ਚੁੱਭੇ ਆਪਣੇ ਹੀ ਬੀਜੇ 'ਕੰਢੇ', ਅੱਤਵਾਦੀ ਹਮਲੇ 'ਚ 2 ਅਫ਼ਸਰਾਂ ਸਣੇ 7 ਫ਼ੌਜੀ ਜਵਾਨਾਂ ਦੀ ਹੋਈ ਮੌਤ

ਉਨ੍ਹਾਂ ਕੇਂਦਰ ਸਰਕਾਰ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਜੋ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਸੀ, ਪਰ ਸਰਕਾਰ ਆਪਣੇ ਹੀ ਦਿੱਤੇ ਫੈਸਲੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਤਿੰਨ ਮਹੀਨੇ ਹੋਰ ਇੰਟੈਂਸ਼ਨ ਵਧਾ ਦਿੱਤੀ ਗਈ ਹੈ, ਜਿਸ ਨਾਲ ਇਹ ਬੰਦੀ ਸਿੱਖਾਂ 'ਤੇ ਆਪਣਾ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ ਪਰ ਇਹ ਮੋਰਚਾ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170

Harpreet SIngh

This news is Content Editor Harpreet SIngh