ਗੁਰਦਾਸਪੁਰ ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ, 15.91 ਲੱਖ ਵੋਟਰ ਕਰਨਗੇ ਵੋਟਿੰਗ

Monday, Mar 18, 2024 - 03:30 PM (IST)

ਗੁਰਦਾਸਪੁਰ ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ, 15.91 ਲੱਖ ਵੋਟਰ ਕਰਨਗੇ ਵੋਟਿੰਗ

ਗੁਰਦਾਸਪੁਰ (ਹਰਮਨ, ਵਿਨੋਦ)- ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤੇ ਜਾਣ ਤੋਂ ਬਾਅਦ ਜ਼ਿਲੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਗੁਰਦਾਸਪੁਰ ’ਚ ਕੁੱਲ 15 ਲੱਖ 91 ਹਜ਼ਾਰ 923 ਵੋਟਰ ਹਨ, ਜਿਨ੍ਹਾਂ ’ਚੋਂ 8 ਲੱਖ 42 ਹਜ਼ਾਰ 773 ਮਰਦ, ਜਦਕਿ 7 ਲੱਖ 49 ਹਜ਼ਾਰ 113 ਔਰਤਾਂ ਹਨ। ਇਸ ਤੋਂ ਇਲਾਵਾ 37 ਕਿੰਨਰ, 48104 ਨੌਜਵਾਨ (18-19 ਸਾਲ), 10777 ਦਿਵਿਆਂਗ ਵੋਟਰ, 442 ਪ੍ਰਵਾਸੀ ਭਾਰਤੀ ਅਤੇ 35629 ਬਜ਼ੁਰਗ ਸਿਟੀਜ਼ਨ/80+ ਵੋਟਰ ਹਨ।

ਸਰਵਿਸ ਵੋਟਰਾਂ ਦੀ ਗਿਣਤੀ 22464 ਹੈ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ’ਚ ਕੁੱਲ 1895 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਹਰ ਸਟੇਸ਼ਨ ’ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹਿਆਂ ’ਚੋਂ ਸਿਆਸੀ ਇਸ਼ਤਿਹਾਰ ਅਤੇ ਹੋਰਡਿੰਗਜ਼ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਵੀ ਚੋਣ ਜ਼ਾਬਤੇ ਬਾਰੇ ਜਾਗਰੂਕ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਕੋਡ ਆਫ ਕੰਡਕਟ ਦੀ ਪਾਲਣਾ ਲਈ ਕਮੇਟੀਆਂ ਗਠਿਤ

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਵੱਖ-ਵੱਖ ਕਮੇਟੀਆਂ ਅਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਆਪਣੀ ਡਿਊਟੀ ’ਤੇ ਤਾਇਨਾਤ ਹੋ ਗਈਆਂ ਹਨ। ਗੁਰਦਾਸਪੁਰ ’ਚ 24/7 ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 1800-180-1852 ਹੈ ਅਤੇ ਇਸ ਨੰਬਰ ਉੱਪਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਕੋਈ ਜਾਣਕਾਰੀ ਲੈਣ ਲਈ ਕਾਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਟੈਟਿਕਸ ਸਰਵੀਲਾਂਸ ਟੀਮਾਂ, ਵੀਡੀਓ ਵੀਊਵਿੰਗ ਟੀਮਾਂ, ਫਲਾਇੰਗ ਸਕੂਐਡ ਦਾ ਗਠਨ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

95 ਲੱਖ ਰੁਪਏ ਤੱਕ ਖਰਚ ਕਰ ਸਕਦੇ ਹਨ ਉਮੀਦਵਾਰ

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਕ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਖ਼ਰਚ ਕਰ ਸਕਦਾ ਹੈ ਅਤੇ ਉਸ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰਾਨਿਕ, ਵੈੱਬ ਅਤੇ ਸੋਸ਼ਲ ਮੀਡੀਆ ਉੱਪਰ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਅਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਕਮੇਟੀ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।

ਜ਼ਿਲ੍ਹੇ ’ਚ ਹਨ 20 ਹਜ਼ਾਰ ਤੋਂ ਵੱਧ ਲਾਇਸੈਂਸੀ ਹਥਿਆਰ

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਕੁੱਲ 15713 ਅਸਲਾ ਲਾਇਸੈਂਸ ਹਨ, ਜਿਨ੍ਹਾਂ ਉੱਪਰ 20000 ਤੋਂ ਵੱਧ ਅਸਲੇ ਚੜ੍ਹੇ ਹੋਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਲਾਇਸੈਂਸੀ ਹਥਿਆਰ ਤੁਰੰਤ ਆਪਣੇ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

10 ਹਜ਼ਾਰ ਤੋਂ ਵੱਧ ਸਰਕਾਰੀ ਮੁਲਾਜ਼ਮ ਦੇਣਗੇ ਡਿਊਟੀ

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ ਤੇ ਨਿਰਪੱਖ ਮਾਹੌਲ ’ਚ ਕਰਵਾਈਆਂ ਜਾਣਗੀਆਂ ਅਤੇ ਹਰ ਪੋਲਿੰਗ ਸਟੇਸ਼ਨ ਉੱਪਰ ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ। ਇਸਦੇ ਨਾਲ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਹਜ਼ਾਰ ਤੋਂ ਵੱਧ ਸਰਕਾਰੀ ਮੁਲਾਜ਼ਮ ਚੋਣ ਅਮਲ ’ਚ ਲਾਏ ਗਏ ਹਨ। ਜਿਸ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਦੀ ਚੋਣ ਡਿਊਟੀ ਲਾਈ ਹੈ, ਉਹ ਬਿਲਕੁਲ ਕੱਟੀ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਡੀ. ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News