ਕੈਨੇਡਾ ਭੇਜਣ ਦੇ ਨਾਂ ਉਪਰ ਨੌਜਵਾਨਾਂ ਨਾਲ ਮਾਰੀ 5 ਲੱਖ ਦੀ ਠੱਗੀ
Friday, Oct 04, 2024 - 02:24 PM (IST)
ਤਰਨਤਾਰਨ (ਰਮਨ)-ਨੌਜਵਾਨਾਂ ਨੂੰ ਕੈਨੇਡਾ ਭੇਜਣ ਦੇ ਨਾਮ ਉਪਰ 5 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੁਰਦਿਆਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਕਾਲੇ ਜ਼ਿਲਾ ਤਰਨਤਾਰਨ ਨੇ ਐੱਸ.ਐੱਸ.ਪੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪੰਜਾਬ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪੱਤੀ ਭੁੱਲੇਕੀ ਲੌਹਕਾ ਜ਼ਿਲ੍ਹਾ ਤਰਨਤਾਰਨ ਵੱਲੋਂ ਸਾਲ 2016 ਦੌਰਾਨ ਉਸਦੇ ਬੇਟੇ ਅਤੇ ਇਕ ਹੋਰ ਵਿਅਕਤੀ ਦੇ ਬੇਟੇ ਨੂੰ ਕੈਨੇਡਾ ਭੇਜਣ ਦੇ ਨਾਮ ਉਪਰ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ। ਇਸ ਸ਼ਿਕਾਇਤ ਦੀ ਪਡ਼ਤਾਲ ਉੱਪ ਕਪਤਾਨ ਪੀ.ਬੀ.ਆਈ ਸਰਬਜੀਤ ਸਿੰਘ ਵੱਲੋਂ ਕਰਨ ਉਪਰੰਤ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਿੰਘ ਜੋ ਏਜੰਟੀ ਦਾ ਕੰਮ ਕਰਦਾ ਹੈ, ਵੱਲੋਂ ਗੁਰਦਿਆਲ ਸਿੰਘ ਦੇ ਬੇਟੇ ਸਰਬਜੀਤ ਸਿੰਘ ਅਤੇ ਕਸ਼ਮੀਰ ਸਿੰਘ ਦੇ ਬੇਟੇ ਜਸਵਿੰਦਰ ਸਿੰਘ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਮ ਉਪਰ 22/22 ਲੱਖ ਰੁਪਏ ਦਾ ਸੌਦਾ ਤਹਿ ਹੋਇਆ ਸੀ, ਜਿਸ ਤੋਂ ਬਾਅਦ ਪੰਜਾਬ ਸਿੰਘ ਵੱਲੋਂ ਦੋਵਾਂ ਪਾਸੋਂ ਕੁੱਲ 5 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨੀ ਸਾਬਤ ਪਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਸਿੰਘ ਪੁੱਤਰ ਗੁਰਪਾਲ ਸਿੰਘ ਦੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।