ਸਾਂਝੇ ਅਧਿਆਪਕ ਮੋਰਚੇ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

Sunday, Nov 25, 2018 - 12:40 AM (IST)

ਗੁਰਦਾਸਪੁਰ,   (ਹਰਮਨਪ੍ਰੀਤ, ਵਿਨੋਦ)-  ਅੱਜ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨੇ ਗੁਰਦਾਸਪੁਰ ਸ਼ਹਿਰ ਦੇ ਗੁਰੂ ਨਾਨਕ ਪਾਰਕ ਵਿਖੇ ਮੀਟਿੰਗ ਕਰਨ ਉਪਰੰਤ ਡਾਕਖਾਨਾ ਚੌਕ ’ਚ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੋਰਚੇ ਦੇ ਆਗੂ ਕੁਲਦੀਪ ਪੂਰੋਵਾਲ, ਸੋਮ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੁਭਾਸ਼ ਚੰਦਰ ਅਤੇ ਸਲਵਿੰਦਰ ਕੁਮਾਰ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਅਤੇ ਐਲਾਨਾਂ ਤੋਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਅਧਿਆਪਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਧਰਨੇ ਦੇਣ ਲਈ ਮਜ਼ਬੂਰ ਹੋਇਆ ਹੈ ਅਤੇ ਉਹ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਚਾਹੁੰਦੇ ਹਨ। ਪਰ ਪੰਜਾਬ ਸਰਕਾਰ ਮੀਟਿੰਗ ਲਈ ਸਮਾਂ ਦੇ ਕੇ ਵੀ ਮੀਟਿੰਗ ਕਰਨ ਤੋਂ ਭੱਜ ਰਹੀ ਹੈ। 
ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਮੀਟਿੰਗ ਦਾ ਲਿਖਤੀ ਰੂਪ ਵਿਚ ਸੰਦੇਸ਼ ਭੇਜ ਕੇ ਮੀਟਿੰਗ ਨਹੀਂ ਕੀਤੀ ਅਤੇ ਬਾਅਦ ਵਿਚ ਸਿੱਖਿਆ ਮੰਤਰੀ ਨੇ ਵੀ ਅਜਿਹਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਲਾਜ਼ਮ ਵਿਰੋਧੀ ਨੀਤੀ ਤੋਂ ਸਮੁੱਚਾ ਪੰਜਾਬ ਬੇਹੱਦ ਨਿਰਾਸ਼ ਅਤੇ ਰੋਸ ਵਿਚ ਹੈ। ਉਨ੍ਹਾਂ ਮੰਗ ਕੀਤੀ ਹੈ ਕਿ 8886 ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਅਤੇ ਪੂਰੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਦਾ ਕਾਲਾ ਫੈਸਲਾ ਤੁਰੰਤ ਵਾਪਸ ਲੈਣ ਤੋਂ ਇਲਾਵਾ ਸੰਘਰਸ਼ਸ਼ੀਲ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਮੁਅੱਤਲੀਆਂ ਰੱਦ ਕੀਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਡੀ. ਏ. ਦੀਆਂ ਚਾਰ ਕਿਸ਼ਤਾਂ ਅਤੇ 22 ਮਹੀਨਿਆਂ ਦਾ ਬਕਾਇਆ ਜਾਰੀ ਕਰਨ ਤੋਂ ਇਲਾਵਾ ਸਿੱਖਿਆ ਵਿਭਾਗ ਵਿਚ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰ ਰਹੇ ਸਾਰੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਵੀ ਮੰਗ ਵੀ ਕੀਤੀ। 
ਇਸ ਮੌਕੇ ਨੇਕ ਰਾਜ, ਮੱਖਣ ਕੋਹਾਡ਼, ਠਾਕੁਰ ਧਿਆਨ ਸਿੰਘ, ਅਮਰਜੀਤ ਸੈਣੀ, ਸੁਰਿੰਦਰ ਸਿੰਘ ਕੋਠੇ, ਕੁਲਵੰਤ ਸਿੰਘ ਬੱਬਲ, ਗੁਰਦਿਆਲ ਸੋਹਲ ਆਦਿ ਨੇ ਵੀ ਸੰਬੋਧਨ ਕਰਕੇ ਸਰਕਾਰ ਖਿਲਾਫ ਭਡ਼ਾਸ ਕੱਢੀ। ਇਸ ਰੋਸ ਪ੍ਰਦਰਸ਼ਨ ਦੌਰਾਨ ਉਪਰੋਕਤ ਆਗੂਆਂ ਤੋਂ ਇਲਾਵਾ ਦਿਲਦਾਰ ਭੰਡਾਲ, ਦਿਲਜੀਤ ਸਿੰਘ ਖਾਲਸਾ, ਗੁਰਪ੍ਰੀਤ ਰੰਗੀਲਪੁਰ, ਅਨਿਲ ਕੁਮਾਰ, ਜਸਬੀਰ ਕੌਰ, ਰਾਜਪ੍ਰੀਤ ਸਿੰਘ, ਕਪਿਲ ਸ਼ਰਮਾ, ਵਿਵੇਕ ਮਹਾਜਨ, ਕਿਰਨ ਬਾਲਾ, ਜਗਜੀਤ ਰਾਜ, ਰਜਨੀ ਪ੍ਰਕਾਸ਼ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।
 


Related News