ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਬੱਡੀ ਖਿਡਾਰੀਆਂ ਪ੍ਰਸ਼ਾਸਨ ਖ਼ਿਲਾਫ਼ ਦਿੱਤਾ ਧਰਨਾ
Friday, Mar 18, 2022 - 04:54 PM (IST)

ਤਰਨਤਾਰਨ (ਰਮਨ ਚਾਵਲਾ) : ਬੀਤੇ ਦਿਨੀਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਹੋਏ ਕਤਲ ਨੂੰ ਲੈ ਕੇ ਜ਼ਿਲਾ ਤਰਨਤਾਰਨ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਬੱਡੀ ਖਿਡਾਰੀਆਂ ਅਤੇ ਹੋਰ ਸੰਸਥਾਵਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਤੋਂ ਬਾਅਦ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ. ਪੀ. (ਸਥਾਨਕ) ਨੂੰ ਮੰਗ ਪੱਤਰ ਦੇਣ ਉਪਰੰਤ ਧਰਨਾ ਖ਼ਤਮ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਧਾਇਕ ਡਾ. ਨਿੱਝਰ ਨੇ ਛੁੱਟੀ ਵਾਲੇ ਦਿਨ ਨਿਗਮ ਅਧਿਕਾਰੀਆਂ ਦੀ ਬੁਲਾਈ ਮੀਟਿੰਗ
ਬੀਤੇ ਦਿਨੀਂ ਜਲੰਧਰ ਦੇ ਪਿੰਡ ਮੱਲ੍ਹੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਬੱਡੀ ਦੇ ਸੁਪਰ ਸਟਾਰ, ਇੰਗਲੈਂਡ ਕਬੱਡੀ ਟੀਮ ਦੇ ਕਪਤਾਨ ਅਤੇ ਮੇਜਰ ਲੀਗ ਕਬੱਡੀ ਫੈੱਡਰੇਸ਼ਨ ਦੇ ਪ੍ਰਧਾਨ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ ਸਨ। ਵਾਰਦਾਤ ਤੋਂ ਬਾਅਦ ਦੇਸ਼ ਭਰ ਦੇ ਕਬੱਡੀ ਖਿਡਾਰੀਆਂ ਅਤੇ ਪ੍ਰੇਮੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਭਰ ਦੇ ਕਬੱਡੀ ਖਿਡਾਰੀਆਂ ਵੱਲੋਂ ਵੱਖ-ਵੱਖ ਜ਼ਿਲਿਆਂ ’ਚ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਿਲੇ ਦੇ ਵੱਡੀ ਗਿਣਤੀ ਦੇ ਕਬੱਡੀ ਖਿਡਾਰੀਆਂ ਤੋਂ ਇਲਾਵਾ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਰੋਸ ਧਰਨਾ ਦਿੱਤਾ ਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਮੰਦਬੁੱਧੀ ਬੱਚੇ ਨਾਲ ਅਧਿਆਪਕ ਨੇ ਕੀਤੀ ਕੁੱਟਮਾਰ, ਮਾਪਿਆਂ ਨੇ ਪ੍ਰਸ਼ਾਸਨ ਤੋਂ ਕੀਤੀ ਇਹ ਮੰਗ
ਇਸ ਮੌਕੇ ਬਾਬਾ ਬੁੱਢਾ ਜੀ ਕਬੱਡੀ ਕਲੱਬ ਰਮਦਾਸ, ਬਾਬਾ ਬਿਧੀ ਚੰਦ ਕਬੱਡੀ ਕਲੱਬ ਫਰੰਦੀਪੁਰ, ਗੁਰੂ ਅਰਜਨ ਦੇਵ ਕਬੱਡੀ ਕਲੱਬ ਚੋਹਲਾ ਸਾਹਿਬ, ਮਾਝਾ ਕਬੱਡੀ ਕਲੱਬ ਭਗਵਾਨਪੁਰ, ਬਾਬਾ ਦੀਪ ਸਿੰਘ ਕਬੱਡੀ ਕਲੱਬ ਤੋਤਾ ਸਿੰਘ, ਬਾਬਾ ਬਲਵਿੰਦਰ ਸਿੰਘ ਕਬੱਡੀ ਕਲੱਬ ਖਡੂਰ ਸਾਹਿਬ, ਮਾਝਾ ਕਬੱਡੀ ਕਲੱਬ ਘਰਿਆਲਾ, ਬਾਬਾ ਬਿਧੀ ਚੰਦ ਕਬੱਡੀ ਕਲੱਬ ਸੁਰਸਿੰਘ, ਸ਼ਹੀਦ ਭਾਈ ਲਖਮੀਰ ਸਿੰਘ ਕਬੱਡੀ ਕਲੱਬ ਘਰਿਆਲਾ ਦੇ ਪ੍ਰਧਾਨ ਅਤੇ ਮੈਂਬਰ ਜਿਨ੍ਹਾਂ ’ਚ ਬਾਬਾ ਅਵਤਾਰ ਸਿੰਘ, ਅਰਸ਼ਦੀਪ ਸਿੰਘ, ਗੁਰਬਾਜ ਸਿੰਘ, ਹਰਪ੍ਰੀਤ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਤੱਕ ਪੁਲਸ ਵੱਲੋਂ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਇਹ ਰੋਸ ਧਰਨੇ ਵੱਖ-ਵੱਖ ਇਲਾਕਿਆਂ ’ਚ ਜਾਰੀ ਰਹਿਣਗੇ ਤੇ ਲੋੜ ਪੈਣ ’ਤੇ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)
ਧਰਨਾ ਦੇਣ ਵਾਲੇ ਕਬੱਡੀ ਖਿਡਾਰੀਆਂ ਅਤੇ ਹੋਰ ਆਗੂਆਂ ਨੇ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਐੱਸ. ਪੀ. (ਸਥਾਨਕ) ਜੇ. ਐੱਸ. ਸੰਧੂ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਪੀ. (ਸਥਾਨਕ) ਨੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਅਤੇ ਸਬੰਧਿਤ ਜ਼ਿਲੇ ਦੇ ਪੁਲਸ ਮੁਖੀ ਨੂੰ ਭੇਜ ਰਹੇ ਹਨ।