ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

10/18/2021 8:21:48 PM

ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ-ਦਿੱਲੀ ਮੁੱਖ ਰੇਲ ਮਾਰਗ ਦੇਵੀਦਾਸਪੁਰਾ ਵਿਖੇ ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਮੋਦੀ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ’ਤੇ ਰਾਜਨੀਤੀ ਕਰ ਰਹੀ ਹੈ। ਜੇ ਸਰਕਾਰ ਕਾਨੂੰਨ ਦੀ ਗੱਲ ਕਰ ਰਹੀ ਹੈ, ਉਸ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਲਖੀਮਪੁਰ ਕਤਲ ਕਾਂਡ ਦੀ ਘਟਨਾ ’ਚ ਦੋਸ਼ੀ ਹੈ, ਉਸ ’ਤੇ ਨਾ ਕਰਵਾਈ ਹੋ ਰਹੀ ਹੈ ਅਤੇ ਨਾ ਹੀ ਮੰਤਰੀ ਮੰਡਲ ਤੋਂ ਅਸਤੀਫ਼ਾ ਲਿਆ ਜਾ ਰਿਹਾ ਹੈ, ਉਲਟਾ ਉਹ ਗਵਾਹਾਂ ’ਤੇ ਦਬਾਅ ਬਣਾ ਰਹੇ ਹਨ ਕਿ ਬਿਆਨ ਦਰਜ ਨਾ ਕਰਵਾਉਣ ਤਾਂ ਜੋ ਕੇਂਦਰੀ ਮੰਤਰੀ ਨੂੰ ਬਚਾਇਆ ਜਾ ਸਕੇ। ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇਣਾ ਚਾਹੁੰਦੀ ਹੈ, ਜਿਸ ਨੂੰ ਅਨਾਜ ਸਮੇਤ ਦੇਸ਼ ਦੇ ਜਨਤਕ ਸਾਧਨਾਂ ’ਤੇ ਅੰਬਾਨੀ, ਅਡਾਨੀ ਦਾ ਕਬਜ਼ਾ ਹੋਣ ਨਾਲ ਮਹਿੰਗਾਈ ਸਿਖਰਾਂ ’ਤੇ ਪਹੁੰਚ ਜਾਵੇਗੀ, ਜਿਵੇਂ ਪਿਛਲੇ ਦੋ ਹਫ਼ਤਿਆਂ ’ਚ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ’ਚ ਬਹੁਤ ਵੱਡਾ ਵਾਧਾ ਕੀਤਾ ਗਿਆ ਹੈ ਕਿਉਂਕਿ ਇਹ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਹੇਠ ਹੈ।

ਰਸੋਈ ’ਚ ਵਰਤੋਂ ਦੀਆਂ ਵਸਤਾਂ ਗੰਢੇ ਅਤੇ ਟਮਾਟਰ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸੇ ਤਰ੍ਹਾਂ ਕਾਰਪੋਰੇਟ ਘਰਾਣੇ ਦੇ ਅਡਾਨੀ ਨੇ ਪਹਿਲਾਂ ਹਿਮਾਚਲ ਦੇ ਸੇਬ ਨੂੰ ਲੁੱਟਿਆ ਹੈ ਤੇ ਹੁਣ ਦੇਸ਼ ਦੇ ਖੇਤੀ ਸੈਕਟਰ ’ਤੇ ਕਬਜ਼ਾ ਕਰਕੇ ਲੁੱਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨੀ ਖੇਤਰ ’ਚ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਰਹੇ ਕਿਸਾਨ ਹੁਣ ਗੰਢੇ ਅਤੇ ਟਮਾਟਰ ਦੀ ਪੈਦਾਵਾਰ ਕਰਨ ਵਾਲੇ ਕਿਸਾਨ ਵੱਡੇ ਪੱਧਰ ’ਤੇ ਖ਼ੁਦਕੁਸ਼ੀਆਂ ਕਰ ਰਹੇ ਹਨ। ਦੇਸ਼ ਦੀ ਅਜਿਹੀ ਮੋਦੀ ਹਕੂਮਤ ਨੂੰ ਲੋਕ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣਗੇ ਤੇ ਤਿੰਨੇ ਕਾਲੇ ਕਾਨੂੰਨ ਵਾਪਸ ਕਰਾਉਣ ਸਮੇਤ ਸਾਰੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ,ਡਾ:ਕੰਵਰਦਲੀਪ ਸਿੰਘ, ਗੁਰਲਾਲ ਸਿੰਘ ਮਾਨ,ਬਾਜ ਸਿੰਘ ਸਾਰੰਗੜਾ,ਬਲਦੇਵ ਸਿੰਘ ਬੱਗਾ, ਲਖਵਿੰਦਰ ਸਿੰਘ ਡਾਲਾ,ਗੁਰਦੇਵ ਸਿੰਘ ਗੱਗੋਮਾਹਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
 

Manoj

This news is Content Editor Manoj