ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ 3 ਬੱਚਿਆਂ ਦੀ ਮਾਂ ਨੇ ਕੀਤੀ ਖੁਦਕੁਸ਼ੀ

02/23/2020 8:28:53 PM

ਬਟਾਲਾ (ਬੇਰੀ)— ਇਥੋਂ ਦੇ ਪਿੰਡ ਦਕੋਹਾ 'ਚ ਇਕ ਔਰਤ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਘੁਮਾਣ ਦੇ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਮ੍ਰਿਤਕ ਪ੍ਰਵੀਨ ਕੌਰ ਦੇ ਪਤੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦਾ ਵਿਆਹ ਪ੍ਰਵੀਨ ਕੌਰ ਨਾਲ ਕਰੀਬ 12 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ 3 ਬੱਚੇ ਹਨ।
ਕੁਲਦੀਪ ਸਿੰਘ ਨੇ ਦੱਸਿਆ ਕਿ ਬਿਤੇ ਦਿਨੀਂ ਉਸਦੀ ਪਤਨੀ ਪ੍ਰਵੀਨ ਕੌਰ ਘਰ 'ਚ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ ਅਤੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਉਸ ਦੀ ਸਿਹਤ ਵਿਗੜਨ ਲੱਗ ਪਈ। ਉਸ ਨੇ ਦੱਸਿਆ ਕਿ ਇਸ ਦੌਰਾਨ ਉਸ ਨੇ ਤੁਰੰਤ ਆਪਣੀ ਪਤਨੀ ਨੂੰ ਸੁਭਾਨਪੁਰ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦੇ ਦਿੱਤਾ।
ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ।


KamalJeet Singh

Content Editor

Related News