ਜਨਤਕ ਥਾਵਾਂ ’ਤੇ ਹੋਰਡਿੰਗਜ਼, ਬੈਨਰਜ਼, ਪੋਸਟਰਜ਼ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ
Thursday, Jan 13, 2022 - 12:03 PM (IST)
ਅੰਮ੍ਰਿਤਸਰ (ਨੀਰਜ, ਗੁਰਿੰਦਰ ਸਾਗਰ) : ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਂ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਐਲਾਨ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਅੱਜ ਜ਼ਿਲ੍ਹੇ ’ਚੋਂ 14 ਹਜ਼ਾਰ ਤੋਂ ਵੱਧ ਹੋਰਡਿੰਗਜ਼ ਉਤਰਵਾਏ ਗਏ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈੱਸ ਦਾ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਸ ਨੂੰ ਸੈਕਸ਼ਨ 127 (ਏ) ਤਹਿਤ 6 ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋਂ ਹੀ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ।
ਇਸ ਮੀਟਿੰਗ ਵਿਚ ਸਮੂਹ ਪ੍ਰਿਟਿੰਗ ਪ੍ਰੈੱਸਾਂ ਦੇ ਮਾਲਕਾਂ ਨੂੰ ਚੋਣ ਦਫ਼ਤਰ ਦੇ ਮਾਹਿਰ ਨੁਮਾਇੰਦਿਆਂ ਨੂੰ ਵਿਸਥਾਰ ਸਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਦੱਸਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ’ਤੇ ਪੋਸਟਰਜ਼, ਬੈਨਰਜ਼, ਹੋਰਡਿੰਗਜ਼ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਤ ਵੇਲੇ ਆਪਣੀ ਗਸ਼ਤ ਵਧਾਉਣ ਅਤੇ ਜਨਤਕ ਥਾਵਾਂ ’ਤੇ ਹੋਰਡਿੰਗਜ਼ ਪੋਸਟਰ ਲਗਾਉਣ ਵਾਲਿਆਂ ਨੂੰ ਫੜਨ ਅਤੇ ਉਨ੍ਹਾਂ ’ਤੇ ਪਰਚੇ ਦਰਜ ਕੀਤੇ ਜਾਣ। ਮੀਟਿੰਗ ਦੌਰਾਨ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੇ ਭਰੋਸਾ ਦਵਾਇਆ ਕਿ ਉਹ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣਗੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਡਾ. ਰੂਹੀ ਦੁੱਗ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਸੁਦੇਸ਼ ਕੁਮਾਰ, ਭਰਤ ਖੁੱਲਰ, ਸਤਿੰਦਰਪਾਲ ਸਿੰਘ, ਲੋਕੇਸ਼ ਸਹਿਗਲ, ਦੀਪਕ ਕੁਮਾਰ, ਰਮਨ ਕੁਮਾਰ, ਪਵਨ ਅਰੋੜਾ, ਕੇਵਲ ਕ੍ਰਿਸ਼ਨ, ਵਿਕਰਮ ਸੇਖੜੀ, ਦੀਪਕ ਅਗਰਵਾਲ, ਹਰੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਸੰਦੀਪ ਰਿਸ਼ੀ ਨੇ ਚੋਣ ਅਮਲੇ ਨਾਲ ਕੀਤੀ ਮੀਟਿੰਗ
ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਰਿਟਰਨਿੰਗ ਅਫਸਰ-ਕਮ- ਕਮਿਸ਼ਨਰ ਨਗਰ-ਨਿਗਮ, ਅੰਮ੍ਰਿਤਸਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਦੇ ਸਾਰੇ ਚੋਣ-ਅਮਲੇ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਚੋਣ-ਕਮੀਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ-1 -ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ, ਸਹਾਇਕ ਰਿਟਰਨਿੰਗ ਅਫਸਰ-2 -ਕਮ- ਜਨਰਲ ਮੈਨੇਜਰ, ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਸ਼੍ਰੀ ਨਵਰਾਜ ਬਾਤਿਸ਼, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1 ਕਮ- ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਲਜੀਤ ਸਿੰਘ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-3 ਕਮ- ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅੰਮ੍ਰਿਤਸਰ ਸ਼੍ਰੀ ਰਾਜੇਸ਼ ਸ਼ਰਮਾ ਅਤੇ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸਨ ।
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ
ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਕੋਵਿਡ-19 ਮਹਾਮਾਰੀ ਚੋਣ ਕਮਿਸ਼ਨ ਵੱਲੋਂ ਹੋਰ ਹਦਾਇਤਾਂ ਤਹਿਤ ਡਾ. ਰੂਹੀ ਦੁੱਗ ਵਧੀਕ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲਾ ਅੰਮ੍ਰਿਤਸਰ ਵਿਚ ਸੀਨੀਅਰ ਕਪਤਾਨ ਪੁਲਸ, ਅੰਮ੍ਰਿਤਸਰ (ਦਿਹਾਤੀ) ਅਤੇ ਕਮਿਸ਼ਨਰ ਪੁਲਸ, ਅੰਮ੍ਰਿਤਸਰ (ਸ਼ਹਿਰ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਆਉਂਦੇ ਪਿੰਡਾਂ/ਕਸਬਿਆਂ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਨਾਲ ਸਬੰਧਤ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਸਮਾਜਿਕ ਦੂਰੀ ਦਾ ਧਿਆਨ ਰੱਖੇ। ਬਿਨ੍ਹਾਂ ਇਕੱਠੇ ਹੋਣ, ਰੋਸ ਰੈਲੀਆਂ ਕਰਨ, ਧਰਨਾ ਦੇਣ, ਮੀਟਿੰਗਾਂ ਕਰਨ ਅਤੇ ਨਾਹਰੇ ਮਾਰਨੇ ਜਾਂ ਲਗਾਉਣ, ਕਿਸੇ ਤਰ੍ਹਾਂ ਦਾ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਬਾਈਕ/ਵਹੀਕਲ ਰੈਲੀ ਅਤੇ ਜਲਸਾ-ਜਲੂਸ ਆਦਿ ਕਰਨ ’ਤੇ ਪਾਬੰਦੀ ਲਗਾੳਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 15 ਜਨਵਰੀ ਤੱਕ ਲਾਗੂ ਰਹੇਗਾ।