ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਨਾਲ ਕੀਤੀ ਮੁਲਾਕਾਤ

Wednesday, Apr 12, 2023 - 01:40 AM (IST)

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ (ਸਰਬਜੀਤ) : ਪੰਜਾਬ ’ਚੋਂ ਪਿਛਲੇ ਦਿਨਾਂ ਅੰਦਰ ਗ੍ਰਿਫ਼ਤਾਰ ਕਰਕੇ ਆਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜਵਾਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਕਰ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜਵਾਨਾਂ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਕੋਲੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਆਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਕੀਤੀ ਅਪੀਲ

ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਸਥਾਨਕ ਪੱਧਰ ’ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਿਬਰੂਗੜ੍ਹ ਵਿਖੇ ਅੱਠ ਨੌਜਵਾਨ ਨਜ਼ਰਬੰਦ ਹਨ, ਜਿਨ੍ਹਾਂ ਨੂੰ ਕਾਨੂੰਨੀ ਮਦਦ ਦਿੱਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਨੇ ਬੰਦੀ ਨੌਜਵਾਨਾਂ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਦੀ ਤਿਆਰੀ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

ਇਸੇ ਦੌਰਾਨ ਆਸਾਮ ਤੋਂ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੱਠ ਨੌਜਵਾਨ ਚੜ੍ਹਦੀ ਕਲਾ ’ਚ ਹਨ। ਉਨ੍ਹਾਂ ਦੱਸਿਆ ਕਿ ਨਜ਼ਰਬੰਦ ਕੀਤੇ ਅੱਠ ਨੌਜਵਾਨਾਂ ਨਾਲ ਮੁਲਾਕਾਤ ਕਰਨ ਲਈ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਰਜ ਕਰਨ ਵਿਚ ਸਥਾਨਕ ਵਕੀਲਾਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਿਬਰੂਗੜ੍ਹ ਬਾਰ ਐਸੋਸੀਏਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਦਾ ਸਹਿਯੋਗ ਕੀਤਾ ਹੈ। ਐਡਵੋਕੇਟ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਰਡਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ।


author

Manoj

Content Editor

Related News