ਮੱਧ ਪ੍ਰਦੇਸ਼ 'ਚ ਬੇਘਰ ਕੀਤੇ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਕਰੇਗੀ 50-50 ਹਜ਼ਾਰ ਰੁਪਏ ਦੀ ਸਹਾਇਤਾ

01/04/2020 8:39:52 PM

ਅੰਮ੍ਰਿਤਸਰ, (ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਸਿੱਖ ਪਰਿਵਾਰਾਂ ਦੀ ਮਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਅੱਜ ਮੱਧ ਪ੍ਰਦੇਸ਼ ਦੇ ਪੀਡ਼ਤ ਸਿੱਖਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਵਫਦ, ਜਿਸ ’ਚ ਅੰਤ੍ਰਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰ ਵਾਲਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਸ਼ਾਮਲ ਹਨ, ਨੇ ਮੱਧ ਪ੍ਰਦੇਸ਼ ਸ਼ਿਵਪੁਰੀ ਅਤੇ ਕਰਾਹਲ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫਦ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਫੋਨ ’ਤੇ ਗੱਲਬਾਤ ਕਰ ਕੇ ਜਿਨ੍ਹਾਂ ਦੇ ਘਰ ਢਾਹੇ ਗਏ ਸਨ, ਉਨ੍ਹਾਂ ਲਈ 50-50 ਹਜ਼ਾਰ ਰੁਪਏ ਦੀ ਰਕਮ ਨਾਲ ਸਹਾਇਤਾ ਕਰਨ ਦਾ ਐਲਾਨ ਕੀਤਾ। ਕਰਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਦੇ ਵਫਦ ਮੈਂਬਰਾਂ ਨੂੰ ਸਾਰੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਕੀਤਾ।

ਮੱਧ ਪ੍ਰਦੇਸ਼ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦੇ ਕਰੀਬ ਸਿੱਖਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ 40 ਸਾਲਾਂ ਤੋਂ ਇਥੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਛਉਪਰ ਦੀ ਤਹਿਸੀਲ ਕਰਾਹਲ ਦੇ ਵੱਖ-ਵੱਖ ਪਿੰਡਾਂ ’ਚੋਂ ਸਿੱਖਾਂ ਨੂੰ ਉਜਾਡ਼ਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਾਂ ਦੀ ਕੋਈ ਗੱਲ ਨਹੀਂ ਸੁਣੀ ਅਤੇ ਅਰਸੇ ਤੋਂ ਰਹਿ ਰਹੇ ਲੋਕਾਂ ਨੂੰ ਬੇਘਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸਥਾਨਕ ਐੱਸ. ਪੀ. ਅਤੇ ਤਹਿਸੀਲਦਾਰ ਨਾਲ ਵੀ ਮੁਲਾਕਾਤ ਕੀਤੀ ਹੈ। ਭਾਈ ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੇਹੱਦ ਪ੍ਰੇਸ਼ਾਨੀ ਦੇ ਆਲਮ ’ਚ ਹਨ ਅਤੇ ਉਨ੍ਹਾਂ ’ਚ ਉਥੋਂ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੀ ਮਦਦ ਲਈ ਬਾਬਾ ਤੇਗਾ ਸਿੰਘ ਕਾਰਸੇਵਾ ਵਾਲੇ ਵੀ ਉਚੇਚੇ ਯਤਨ ਕਰ ਰਹੇ ਹਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੀਡ਼ਤ ਇਲਾਕਿਆਂ ਤੱਕ ਲਿਜਾਣ ’ਚ ਸਹਾਇਤਾ ਕੀਤੀ। ਇਸ ਮੌਕੇ ਸਥਾਨਕ ਸਿੱਖ ਆਗੂਆਂ ’ਚੋਂ ਸੁਰਿੰਦਰ ਸਿੰਘ ਬਿੱਟੂ, ਕੇਸਰ ਸਿੰਘ, ਬਿੱਕਰ ਸਿੰਘ, ਨਰਿੰਦਰ ਸਿੰਘ ਬਾਂਸਖੇਡ਼ੀ, ਮਹਿੰਦਰ ਸਿੰਘ, ਕੁਲਵੰਤ ਸਿੰਘ ਬਾਜਵਾ ਆਦਿ ਵੀ ਮੌਜੂਦ ਸਨ।


Bharat Thapa

Content Editor

Related News