ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ

Monday, Jun 01, 2026 - 11:24 AM (IST)

ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ

ਅੰਮ੍ਰਿਤਸਰ (ਰਮਨ):ਮਜੀਠਾ ਥਾਣੇ ਵਿੱਚ ਬੀਤੇ ਦਿਨ ਵਾਪਰੀ ਘਟਨਾ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਥਾਣੇ ਪਹੁੰਚੇ ਸਨ। ਇਸ ਦੌਰਾਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਸਥਿਤੀ ਵਿਗੜ ਗਈ। ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਸ ਹਿਰਾਸਤ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ। ਇਸ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ  ਅੱਜ ਪੁਲਸ ਦੀਆਂ ਟੀਮਾਂ ਵੱਡੀ ਗਿਣਤੀ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੀ ਪਹੁੰਚੀਆਂ। 

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਇਸ ਦੌਰਾਨ ਐਸਐਸਪੀ ਦਿਹਾਤੀ ਸੁਹੇਲ ਮੀਰ ਕਾਸਿਮ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮਜੀਠਾ ਥਾਣੇ ਵਿੱਚ ਕਾਨੂੰਨੀ ਹਿਰਾਸਤ ਵਿੱਚ ਰੱਖੇ ਗਏ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਛੁਡਾਉਣ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਭੀੜ ਨੇ ਥਾਣੇ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਪੁਲਸ ਕਾਰਵਾਈ ਵਿੱਚ ਰੁਕਾਵਟ ਪਾਈ। ਉਨ੍ਹਾਂ ਦੱਸਿਆ ਕਿ ਮੁਕੱਦਮਾ ਨੰਬਰ 91, ਮਿਤੀ 30 ਮਈ 2026 ਤਹਿਤ ਦਰਜ ਮਾਮਲੇ ਵਿੱਚ ਸੋਹੀਆਂ ਕਲਾਂ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਪੁਲਸ ਨੇ ਕਾਨੂੰਨੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਸਵੇਰੇ ਕਰੀਬ ਸਾਢੇ ਦੱਸ ਵਜੇ ਥਾਣੇ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਭੀੜ ਨੇ ਪੁਲਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਥਾਣੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਭੀੜ ਦਾ ਮੁੱਖ ਮਕਸਦ ਪੁਲਸ ਹਿਰਾਸਤ ਵਿੱਚ ਮੌਜੂਦ ਮੁਲਜ਼ਮ ਨੂੰ ਛੁਡਾਉਣਾ ਸੀ। ਐਸਐਸਪੀ ਮੁਤਾਬਕ ਇਸ ਘਟਨਾ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ। ਪੁਲਸ ਦਾ ਕਹਿਣਾ ਹੈ ਕਿ ਭੀੜ ਨੇ ਬਿਨਾਂ ਕਿਸੇ ਅਧਿਕਾਰ ਦੇ ਥਾਣੇ ਦੇ ਵੱਖ-ਵੱਖ ਕਮਰਿਆਂ ਵਿੱਚ ਦਾਖਲ ਹੋ ਕੇ ਤਲਾਸ਼ੀ ਲਈ, ਸਰਕਾਰੀ ਰਿਕਾਰਡ ਅਤੇ ਕੇਸ ਫਾਈਲਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ।

ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਐਸਐਸਪੀ ਨੇ ਕਿਹਾ ਕਿ ਜਦੋਂ ਐਸਐਚਓ ਅਤੇ ਡੀਐਸਪੀ ਮਜੀਠਾ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਭੀੜ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਪੂਰੀ ਤਰ੍ਹਾਂ ਕਾਨੂੰਨੀ ਹੈ ਅਤੇ ਸਾਰੇ ਦਸਤਾਵੇਜ਼ ਮੌਜੂਦ ਹਨ। ਇਸ ਦੇ ਬਾਵਜੂਦ ਕੁਝ ਲੋਕਾਂ ਨੇ ਮੁਲਜ਼ਮ ਨੂੰ ਕਮਰੇ ਵਿੱਚੋਂ ਬਾਹਰ ਖਿੱਚਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕੀਤੀ। ਇਸ ਦੌਰਾਨ ਐਸਐਚਓ ਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਨੇ ਸੂਝਬੂਝ ਅਤੇ ਬਹਾਦਰੀ ਨਾਲ ਸਥਿਤੀ ਨੂੰ ਕਾਬੂ ਕੀਤਾ ਅਤੇ ਮੁਲਜ਼ਮ ਨੂੰ ਮੁੜ ਪੁਲਸ ਹਿਰਾਸਤ ਵਿੱਚ ਲਿਆ ਗਿਆ। ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਵੱਲੋਂ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਐਸਪੀ ਪੀਬੀਆਈ ਕਰ ਰਹੇ ਹਨ। ਟੀਮ ਵਿੱਚ ਦੋ ਡੀਐਸਪੀ ਅਤੇ ਇੱਕ ਐਸਐਚਓ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ।

ਐਸਐਸਪੀ ਸੁਹੇਲ ਮੀਰ ਕਾਸਿਮ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਾਨੂੰਨ ਤੋਂ ਉੱਪਰ ਨਹੀਂ। ਉਨ੍ਹਾਂ ਦੱਸਿਆ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀਆਂ ਵੀਡੀਓਜ਼ ਦੇ ਆਧਾਰ ’ਤੇ ਹੁਣ ਤੱਕ 6 ਤੋਂ 7 ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਦਕਿ ਕਰੀਬ 50 ਤੋਂ ਵੱਧ ਲੋਕ ਮੌਕੇ ’ਤੇ ਮੌਜੂਦ ਸਨ। ਬਾਕੀ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਵੱਖ-ਵੱਖ ਥਾਵਾਂ 'ਤੇ  ਛਾਪੇਮਾਰੀ ਜਾਰੀ ਹੈ। ਇਸੇ ਲਈ 12 ਟੀਮਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪੁਲਸ ਨੇ ਦਾਅਵਾ ਕੀਤਾ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਪੁਲਸ ਦੀਆਂ ਟੀਮਾਂ ਸਰਗਰਮੀ ਨਾਲ ਕਾਰਵਾਈ ਕਰ ਰਹੀਆਂ ਹਨ ਅਤੇ ਪ੍ਰਸ਼ਾਸਨ ਪੂਰੇ ਮਾਮਲੇ 'ਤੇ ਨਜ਼ਰ ਬਣਾਈ ਬੈਠਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News