ਪੌਣੇ 7 ਕਰੋੜ ਦੇ ਖ਼ਰਚੇ ਨਾਲ ਹੱਲ ਕੀਤੀ ਜਾਵੇਗੀ ਅੰਮ੍ਰਿਤਸਰ ਵਾਸੀਆਂ ਦੀ ਇਹ ਸਮੱਸਿਆ, ਕੈਬਨਿਟ ਮੰਤਰੀ ਨੇ ਕੀਤਾ ਐਲਾਨ
Tuesday, Jan 24, 2023 - 08:36 PM (IST)

ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੀ ਸਫ਼ਾਈ 'ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸਣ ਤੋਂ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਉਨ੍ਹਾਂ ਦੱਸਿਆ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸਕਰ ਮਸ਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ 'ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਹਲਕੇ ਅਤੇ ਉੱਤਰੀ ਹਲਕੇ ਵਿਚ ਸੁਪਰ ਸਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫ਼ਾਈ ਕੀਤੀ ਜਾਵੇਗੀ। ਇਨ੍ਹਾਂ ਕੰਮਾਂ 'ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਕੀ ਕੈਬਨਿਟ ਜਾਂ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਵੀ ਹੋ ਸਕਦੀ ਹੈ ਸਿੱਧੂ ਦੀ ਰਿਹਾਈ? ਜਾਣੋ ਕਾਨੂੰਨੀ ਮਾਹਿਰਾਂ ਦੀ ਰਾਏ
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸਕਰ ਮਸੀਨਾਂ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।