ਸਰਕਾਰੀ ਸਿਵਲ ਹਸਪਤਾਲ ਅੰਦਰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ : ਮੰਤਰੀ ਧਾਲੀਵਾਲ
Sunday, Jun 18, 2023 - 12:19 PM (IST)
 
            
            ਅਜਨਾਲਾ/ਚੇਤਨਪੁਰਾ (ਨਿਰਵੈਲ)- ਸਰਕਾਰੀ ਸਿਵਲ ਹਸਪਤਾਲ ਅੰਦਰ ਹਰ ਤਰ੍ਹਾਂ ਦੀ ਸਹੂਲਤ, ਜੋ ਕਿ ਮਰੀਜ਼ਾਂ ਦੇ ਇਲਾਜ ਲਈ ਜ਼ਰੂਰੀ ਹੈ, 24 ਘੰਟੇ ਯਕੀਨੀ ਬਣਾਈ ਜਾਵੇਗੀ ਅਤੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿਵਲ ਹਸਪਤਾਲ ਅਜਨਾਲਾ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਕੀਤਾ। ਧਾਲੀਵਾਲ ਨੇ ਹਸਪਤਾਲ ਦੇ ਅਮਲੇ ਨੂੰ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਾਖਲ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਉਨ੍ਹਾਂ ਹਸਪਤਾਲ ’ਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
ਉਨ੍ਹਾਂ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਉਣ, ਹਸਪਤਾਲ ਦੀ ਸਾਫ਼-ਸਫ਼ਾਈ ਵੱਲ ਧਿਆਨ ਦੇਣ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਗੱਲਾਂ ਕਰ ਕੇ ਹਸਪਤਾਲ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੀਆਂ ਲੋੜਾਂ ਦੀ ਪੂਰਤੀ ਲਈ ਸਿਹਤ ਮੰਤਰੀ ਨਾਲ ਗੱਲ ਕਰ ਕੇ ਸਾਰੇ ਮਸਲੇ ਹੱਲ ਕਰਵਾਉਣਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            