ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਰਾਜ ਮੰਤਰੀ ਮੁਰਲੀਧਰ ਮੋਹੋਲ ਹੋਏ ਨਤਮਸਤਕ
Friday, Sep 19, 2025 - 10:16 PM (IST)

ਅੰਮ੍ਰਿਤਸਰ (ਸਰਬਜੀਤ)- ਭਾਰਤ ਸਰਕਾਰ ਦੇ ਨਾਗਰਿਕ ਹਵਾਈ ਉਡਾਣ ਰਾਜ ਮੰਤਰੀ ਮੁਰਲੀਧਰ ਮੋਹੋਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਹਿਲੀ ਵਾਰ ਪੰਜਾਬ ਆਉਣ 'ਤੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਭਰੀ ਅਤੇ ਦੇਸ਼ ਲਈ ਅਮਨ-ਸ਼ਾਤੀ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਮੋਹੋਲ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਏ ਹੜ ਕਾਰਨ ਵੱਡਾ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਕੇਂਦਰੀ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ। ਮੋਹੋਲ ਨੇ ਕਿਹਾ ਕਿ ਪੰਜਾਬ ਵਿੱਚ ਵੀ ਕਈ ਇਲਾਕੇ ਹੜ੍ਹ ਦੀ ਮਾਰ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ।
ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਘਰਾਂ, ਫਸਲਾਂ ਅਤੇ ਪਸ਼ੂ-ਪਾਲਣ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ। ਉਹ ਖੁਦ ਅੱਜ ਜ਼ਿਲ੍ਹਾ ਮੋਗਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਮੌਕੇ 'ਤੇ ਜਾ ਕੇ ਨੁਕਸਾਨ ਦੀ ਪੂਰੀ ਜਾਣਕਾਰੀ ਲੈਣਗੇ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ 1600 ਕਰੋੜ ਰੁਪਏ ਦਾ ਰਾਹਤ ਪੈਕਜ ਜਾਰੀ ਕੀਤਾ ਗਿਆ ਹੈ। ਜੇਕਰ ਇਹ ਰਕਮ ਹੜ੍ਹ ਪੀੜਤਾਂ ਲਈ ਅਣਕਾਫ਼ੀ ਰਹੀ, ਤਾਂ ਉਹ ਖ਼ੁਦ ਪ੍ਰਧਾਨ ਮੰਤਰੀ ਨੂੰ ਲਿਖਤੀ ਰੂਪ ਵਿੱਚ ਬੇਨਤੀ ਕਰਨਗੇ, ਜਿਸ ਨਾਲ ਭਵਿੱਖ ਵਿੱਚ ਇਹ ਪੈਕਜ ਹੋਰ ਵਧਾਇਆ ਜਾ ਸਕਦਾ ਹੈ।ਮੋਹੋਲ ਨੇ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਦੇਸ਼ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਰਾਹਤ ਤੇ ਪੁਨਰਵਾਸ ਕਾਰਜ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।