ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ

05/21/2022 2:26:03 PM

ਬਟਾਲਾ (ਬੇਰੀ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨ ਹੇਠਲੇ ਪਾਣੀ ਬਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ। ਵਿਧਾਇਕ ਸ੍ਰੀ ਕਲਸੀ ਪਿੰਡ ਥਿੰਦ ਧਾਰੀਵਾਲ ਵਿਖੇ ਕਿਸਾਨ ਮੇਜਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾ ਰਹੇ ਸਨ। ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਬਿਜਲੀ ਸਪਲਾਈ ਵੀ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਜ਼ਮੀਨ ਹੇਠਲੇ ਪਾਣੀ ਨੂੰ ਸਾਂਭੀਏ, ਕਿਉਂਕਿ ਜੇਕਰ ਅਸੀਂ ਅੱਜ ਕੋਈ ਕਦਮ ਨਾ ਚੁੱਕਿਆ ਤਾਂ ਬਹੁਤ ਜਲਦ ਸਾਡਾ ਸੂਬਾ ਮਾਰੂਥਲ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਾਲੀ ਇਮਦਾਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬਚਤ ਕਰਨ।

ਇਸ ਮੌਕੇ ਕਿਸਾਨ ਮੇਜਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬਹੁਤ ਬਚਤ ਹੁੰਦੀ ਹੈ ਅਤੇ ਫ਼ਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦਿੱਤੀ ਜਾਵੇ।

 
 


rajwinder kaur

Content Editor

Related News