ਤਲਾਸ਼ੀ ਅਭਿਆਨ ਦੌਰਾਨ ਕੇਂਦਰੀ ਜੇਲ੍ਹ ’ਚ ਬੰਦ ਅੱਤਵਾਦੀ ਹਰਸ਼ ਸਣੇ 4 ਮੁਲਜ਼ਮਾਂ ਤੋਂ ਬਰਾਮਦ ਹੋਏ ਮੋਬਾਇਲ
Saturday, Oct 01, 2022 - 10:42 AM (IST)

ਤਰਨਤਾਰਨ (ਰਮਨ ਚਾਵਲਾ) - ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਅੱਤਵਾਦੀ ਸਣੇ 4 ਮੁਲਜ਼ਮਾਂ ਤੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਜੇਲ੍ਹ ਵੱਲੋਂ ਬੀਤੇ ਦਿਨੀਂ ਰਾਤ ਦੇ ਸਮੇਂ ਅਚਾਨਕ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜੇਲ੍ਹ ’ਚ ਬੰਦ ਅੱਤਵਾਦੀ ਹਰਸ਼ ਕੁਮਾਰ ਪੁੱਤਰ ਗੁਰ ਅਵਤਾਰ ਸਿੰਘ ਵਾਸੀ ਗੇਟ ਮਸੀਤਾਂ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਜੋ ਵਿਦੇਸ਼ ’ਚ ਬੈਠੇ ਅੱਤਵਾਦੀ ਅਰਸ਼ ਡੱਲਾ ਲਈ ਕੰਮ ਕਰਦਾ ਸੀ, ਪਾਸੋਂ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਆਕਾਸ਼ਦੀਪ ਸਿੰਘ ਉਰਫ ਹੈਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਣਗੜ੍ਹ ਜ਼ਿਲ੍ਹਾ ਅੰਮ੍ਰਿਤਸਰ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਜੰਡਿਆਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੁਰਪ੍ਰਤਾਪ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਭਾਓਵਾਲ ਜ਼ਿਲ੍ਹਾ ਤਰਨਤਾਰਨ ਪਾਸੋਂ ਵੀ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਫੋਨਾਂ ਦੀ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਈ ਜਾਵੇਗੀ। ਸਹਾਇਕ ਜੇਲ੍ਹ ਸੁਪਰਡੈਂਟ ਦੇ ਬਿਆਨਾਂ ’ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।