ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ''ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਮਾਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ

02/02/2022 9:02:44 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਖਰਚ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਦਫ਼ਤਰ ਦਾ ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਚੋਣ ਨਿਗਰਾਨਾਂ ਨੇ ਅਚਨਚੇਤ ਦੌਰਾ ਕੀਤਾ ਅਤੇ ਉਥੇ ਕੀਤੇ ਜਾ ਰਹੇ ਕੰਮ ਦੀ ਪੜਤਾਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐੱਸ. ਐੱਸ.ਪੀ. ਦਿਹਾਤੀ ਦੀਪਕ ਹਿਲੌਰੀ ਤੇ ਐੱਸ. ਡੀ. ਐੱਮ. ਰਾਜੇਸ਼ ਸ਼ਰਮਾ ਹਾਜ਼ਰ ਸਨ। 

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਚੋਣ ਨਿਗਰਾਨ ਅਧਿਕਾਰੀ ਸ਼ੰਭੂ ਕੁਮਾਰ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ ਜਿਸ ਵਿਚ ਅਖਬਾਰ, ਰੇਡੀਓ, ਟੀ. ਵੀ., ਈ-ਪੇਪਰ, ਸੋਸ਼ਲ ਮੀਡੀਆ ਆਦਿ ਸ਼ਾਮਲ ਹਨ, 'ਤੇ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖਰਚੇ ਵਿਚ ਸ਼ਾਮਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਵਿਚ ਇਸ਼ਤਿਹਾਰ ਦੇਣ ਲਈ ਐੱਮ. ਸੀ. ਐੱਮ. ਸੀ. ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇ, ਉਥੇ ਇਸ਼ਤਿਹਾਰ ਬਣਾਉਣ ਅਤੇ ਲਗਾਉਣ 'ਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇ ਅਤੇ ਇਹ ਸਾਰਾ ਖਰਚ ਉਮੀਦਵਾਰ ਦੇ ਚੋਣ ਖਰਚੇ ਵਿਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾਉਂਦਾ ਹੈ ਤਾਂ ਉਸ ਵਿਰੁੱਧ 171-ਐੱਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਚੋਣਾਂ ਤੋਂ 2 ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ। 

ਇਹ ਵੀ ਪੜ੍ਹੋ : ਕੋਰੋਨਾ ਕਾਰਨ ਬੰਦ ਪਏ ਸਕੂਲਾਂ ਨੂੰ ਪੰਜਾਬ ਸਰਕਾਰ 9 ਤਾਰੀਖ਼ ਤੱਕ ਖੋਲ੍ਹਣ ਦਾ ਲਏ ਫ਼ੈਸਲਾ : ਰਾਸਾ

ਚੋਣ ਨਿਗਰਾਨ ਖਰਚਾ ਰਾਜੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਕਤ ਉਮੀਦਵਾਰ ਦਾ ਨਾਂ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿਚ ਸ਼ਾਮਲ ਕਰਕੇ ਪ੍ਰਕਾਸ਼ਿਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈੱਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਖਹਿਰਾ ਨੇ ਦੱਸਿਆ ਕਿ ਸਾਰੇ ਚੋਣ ਨਿਗਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਠਹਿਰੇ ਹੋਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਲੋੜ ਲਈ ਇਨ੍ਹਾਂ ਨੂੰ ਰੋਜ਼ਾਨਾ ਸਵੇਰੇ 9:30 ਤੋਂ ਸਵੇਰੇ 10:30 ਵਜੇ ਤੱਕ ਮਿਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News