MP ਗੁਰਜੀਤ ਔਜਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Wednesday, May 17, 2023 - 11:17 PM (IST)
ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਜਿੱਥੇ ਗੁਰੂ ਘਰ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਔਜਲਾ ਨੇ 'ਆਪ' ਆਗੂ ਰਾਘਵ ਚੱਢਾ ਅਤੇ ਫਿਲਮੀ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ 'ਤੇ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਟਵੀਟ ਕਰਨ ਵਾਲਿਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਦਾ ਦਾਇਰਾ ਬਹੁਤ ਵੱਡਾ ਹੈ ਪਰ ਕੋਈ ਜਥੇਦਾਰ ਵਰਗੀ ਮਹਾਨ ਸ਼ਖਸੀਅਤ 'ਤੇ ਘਰ ਬੈਠੇ ਬਿਨਾਂ ਸੋਚੇ-ਸਮਝੇ ਟਵੀਟ ਕਰੇ, ਇਹ ਮੰਦਭਾਗੀ ਗੱਲ ਹੈ।
ਇਹ ਵੀ ਪੜ੍ਹੋ : ਕੈਨੇਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ
ਉਨ੍ਹਾਂ ਕਿਹਾ ਕਿ ਜੇਕਰ ਉਹ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ 'ਤੇ ਪਹੁੰਚੇ ਹਨ ਤਾਂ ਇਸ ਨੂੰ ਸਿਆਸੀ ਰੰਗਤ ਦੇਣਾ ਬਹੁਤ ਹੀ ਮਾੜੀ ਗੱਲ ਹੈ। ਗੁਰੂ ਨਗਰੀ ਨੂੰ ਸਮਾਰਟ ਸਿਟੀ ਦਾ ਦਰਜਾ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦੇ ਇਸ ਕੰਮ 'ਚ ਦੇਰੀ ਹੋ ਰਹੀ ਹੈ, ਜਿਸ ਨਾਲ ਸ਼ਹਿਰ 'ਚ ਸਾਫ਼ ਪਾਣੀ ਅਤੇ ਸੀਵਰੇਜ ਵਿਵਸਥਾ ਠੀਕ ਅਤੇ ਦਰੁਸਤ ਕਰਨ ਸਬੰਧੀ ਅਸੀਂ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਮਿਲ ਇਕ ਨਵਾਂ ਰੋਡ ਮੈਪ ਤਿਆਰ ਕਰਾਂਗੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
ਇਸ ਮੌਕੇ ਗੋਲਡਨ ਟੈਂਪਲ ਟੋਲ ਪਲਾਜ਼ਾ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਐੱਮਪੀ ਔਜਲਾ ਨਾਲ ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ ਨੂੰ ਗੋਲਡਨ ਟੈਂਪਲ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ, ਉਥੇ ਹੀ ਉਨ੍ਹਾਂ ਐਸੋਸੀਏਸ਼ਨ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਅਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਵਾਲੀ ਸੰਗਤ ਨੂੰ ਟ੍ਰੈਫਿਕ ਅਤੇ ਅਵਾਰਾ ਕੁੱਤਿਆਂ ਤੋਂ ਨਿਜਾਤ ਦਿਵਾਉਣ ਦੀ ਅਪੀਲ ਕੀਤੀ। ਔਜਲਾ ਨੇ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਸਾਰੀ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।