ਮਾਮਲਾ ਗੁਰਬਾਣੀ ਪ੍ਰਸਾਰਣ ਦਾ: ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ CM ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ''ਤੇ ਕੀਤਾ ਤਲਬ

Thursday, Jun 22, 2023 - 10:47 AM (IST)

ਮਾਮਲਾ ਗੁਰਬਾਣੀ ਪ੍ਰਸਾਰਣ ਦਾ: ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ CM ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ''ਤੇ ਕੀਤਾ ਤਲਬ

ਅੰਮ੍ਰਿਤਸਰ (ਸਰਬਜੀਤ)- ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਜਥੇਦਾਰ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਤੇ SGPC ਨੂੰ ਨਿਰਦੇਸ਼ ਜਾਰੀ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿੱਖ ਮਰਿਆਦਾ ਤੋਂ ਭਲੀ-ਭਾਂਤ ਜਾਣੂ ਹਨ ਪਰ ਗੁਰਬਾਣੀ ਦੇ ਪ੍ਰਸਾਰਣ ਸੰਬੰਧੀ ਉਨ੍ਹਾਂ ਨੇ ਸਿੱਖਾਂ ਦੇ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਕੀਤੀ ਹੈ। ਭਾਈ ਮੰਡ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਿੱਖੀ ਮਰਿਆਦਾ ਦੇ ਚੰਗੀ ਤਰ੍ਹਾਂ ਵਾਕਿਫ਼ ਹਨ ਅਤੇ ਪੰਜਾਬ ਦੇ ਰਾਜਭਾਗ ਨੂੰ ਚਲਾਉਣ ਦੇ ਜ਼ਿੰਮੇਵਾਰ ਵੀ ਹਨ ਪਰ ‘ਆਪ’ ਦੀ ਸਰਕਾਰ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਵਿਚ ਇਕ ਮਤਾ ਪਾਸ ਕਰ ਕੇ ਸਿੱਧੇ ਰੂਪ ਵਿਚ ਸਿੱਖਾਂ ਦੇ ਧਾਰਮਿਕ ਮਾਮਲੇ ਵਿਚ ਸਰਕਾਰੀ ਦਖਲਅੰਦਾਜ਼ੀ ਕੀਤੀ ਹੈ, ਜਿਹੜੀ ਕਿ ਕਾਬਲ-ਏ-ਬਰਦਾਸ਼ਤ ਨਹੀਂ ਹੈ।

ਇਹ ਵੀ ਪੜ੍ਹੋ- ਕਿਵੇਂ ਮਾਡਲ ਬਣੇਗਾ ਅੰਮ੍ਰਿਤਸਰ ਦਾ ਰੇਲਵੇ ਸਟੇਸ਼ਨ, ਲੰਮੀ-ਚੌੜੀ ਫੌਜ ਦੇ ਬਾਵਜੂਦ ਸਹੂਲਤਾਂ ਪੱਖੋਂ ਜ਼ੀਰੋ

ਭਾਈ ਮੰਡ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਉਪਰੋਕਤ ਅਵੱਗਿਆ ਦੇ ਸਬੰਧ ਵਿਚ 28 ਜੂਨ ਨੂੰ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ’ਤੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਕਿ ਉਨ੍ਹਾਂ ਨੇ ਸੂਬੇ ਦੇ ਸਿੱਖ ਮੁੱਖ ਮੰਤਰੀ ਹੁੰਦਿਆਂ ਅਜਿਹੀ ਅਵੱਗਿਆ ਕਿਉਂ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੈਨਲ ਸਬੰਧੀ ਸਪੱਸ਼ਟੀਕਰਨ ਦੇਣ

ਭਾਈ ਮੰਡ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਨਿਰਦੇਸ਼ ਦਿੱਤਾ ਕਿ ਉਹ ਵੀ ਕੌਮ ਦੇ ਸਾਹਮਣੇ ਸਪੱਸ਼ਟੀਕਰਨ ਦੇਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜਥੇਦਾਰ ਸਾਹਿਬ ਦੀ ਹਦਾਇਤ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਤ ਕਰੇ, ਤੋਂ ਬਾਅਦ ਹੁਣ ਤੱਕ ਚੈਨਲ ਬਾਰੇ ਕਿਉਂ ਨਹੀਂ ਕੁਝ ਕਰ ਸਕੇ ਅਤੇ ਨਾਲ ਹੀ ਕੌਮ ਨੂੰ ਦੱਸਣ ਕਿ ਕਿੰਨੇ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਸਥਾਪਿਤ ਕਰੇਗੀ।

ਇਹ ਵੀ ਪੜ੍ਹੋ- ਬਟਾਲਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News