ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Monday, Jan 27, 2025 - 04:50 AM (IST)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜੈਤੋ (ਰਘੂਨੰਦਨ ਪਰਾਸ਼ਰ) : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। 

PunjabKesari

ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। 

PunjabKesari

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

PunjabKesari

ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News