ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗੁਰਦਾਸਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ

Thursday, Aug 08, 2024 - 04:43 PM (IST)

ਗੁਰਦਾਸਪੁਰ (ਹਰਮਨ)- ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ੍ਹ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ 0-18 ਸਾਲ ਉਮਰ ਤੱਕ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਉੱਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ 'ਤੇ ਹੀ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ-  ਪਸ਼ੂਆਂ ਲਈ ਪੱਖਾ ਲਗਾ ਰਹੇ ਨੌਜਵਾਨ ਨੂੰ ਲਗਾ ਕਰੰਟ, ਹੋਈ ਮੌਤ

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਮਿਸ਼ਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਜ਼ਿਲ੍ਹੇ ਭਰ 'ਚੋਂ ਵੱਡੀ ਗਿਣਤੀ 'ਚ ਵੀ ਬੱਚੇ ਆਪਣੇ ਮਾਪਿਆਂ ਨਾਲ ਪਹੁੰਚੇ ਹੋਏ ਸਨ। ਜਿੱਥੇ ਕਮਿਸ਼ਨ ਨੇ ਮੌਕੇ 'ਤੇ ਹੀ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਮਾਮਲਿਆਂ ਦਾ ਢੁਕਵਾਂ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕਾਰਵਾਈ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪ੍ਰੈੱਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਤੱਕ ਆਪਣੀ ਪਹੁੰਚ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੌਰਾਨ ਕਈ ਬੱਚਿਆਂ ਦੇ ਮਾਪੇ ਨਹੀਂ ਰਹੇ ਅਤੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਬੱਚਿਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਮੁਹੱਈਆ ਕਰਵਾਈਏ। ਉਨ੍ਹਾਂ ਕਿਹਾ ਕਿ ਅੱਜ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਬੱਚੇ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦਿਵਿਆਂਗਤਾ ਸਰਟੀਫਿਕੇਟ ਨਾ ਬਣਨ ਦੀ ਸੂਰਤ ਵਿੱਚ ਇੱਥੇ ਪਹੁੰਚੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣ। ਜਿਸ 'ਤੇ ਅਮਲ ਕਰਦੇ ਹੋਏ ਬੱਚਿਆਂ ਦੇ ਮੌਕੇ 'ਤੇ ਹੀ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਜਨਰੇਟ ਕੀਤੇ ਗਏ। ਇਸਤੋਂ ਇਲਾਵਾ ਬੱਚਿਆਂ ਦੀਆਂ ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ।

ਇਹ ਵੀ ਪੜ੍ਹੋ- ਮਿਲਾਵਟਖੋਰੀ ਵੱਡੇ ਪੱਧਰ 'ਤੇ, ਪੰਜਾਬ 'ਚ ਤਿੰਨ ਸਾਲਾਂ 'ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਪ੍ਰੀਤੀ ਭਾਰਦਵਾਜ ਦਲਾਲ ਨੇ ਪੂਰੀ ਸੰਜੀਦਗੀ ਨਾਲ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਪ੍ਰਸ਼ਾਸਨ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹੀ ਬੱਚਿਆਂ ਲਈ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਬੱਚਿਆਂ ਦੇ ਬਹੁਤੇ ਮਸਲੇ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖ਼ੁਰਾਕ ਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਸੇਵਾ ਕੇਂਦਰਾਂ ਆਦਿ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਅਧਿਕਾਰੀ ਇਨ੍ਹਾਂ ਅਰਜ਼ੀਆਂ ਨੂੰ ਫ਼ੌਰੀ ਤੌਰ ’ਤੇ ਨਿਪਟਾਉਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਵਿਭਾਗ ਦੇ ਜ਼ਿਲ੍ਹੇ ਵਿਚ ਨੋਡਲ ਅਧਿਕਾਰੀ ਨੂੰ ਅਜਿਹੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੀਖਿਆ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਨ੍ਹਾਂ ਕੈਂਪਾਂ ਵਿਚ ਬਾਲ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕੈਂਪ ਲਗਾ ਕੇ ਲੋਕਾਂ ਨੂੰ ਬੱਚਿਆਂ ਲਈ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਡੀ.ਐੱਸ.ਓ. ਡਾ. ਕਿਰਤਪ੍ਰੀਤ ਕੌਰ, ਬਾਲ ਵਿਕਾਸ ਅਫ਼ਸਰ ਸੁਨੀਲ ਜੋਸ਼ੀ, ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ, ਐਕਸੀਅਨ ਹਰਜੋਤ ਸਿੰਘ, ਸਿਵਲ ਸਰਜਨ ਡਾ. ਵਿਮੀ ਮਹਾਜਨ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News