ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ ''ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਖਤ

Friday, May 08, 2026 - 07:17 PM (IST)

ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ ''ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਖਤ

ਅੰਮ੍ਰਿਤਸਰ (ਛੀਨਾ) : ਪੰਜਾਬ 'ਚ ਚੱਲ ਰਹੀਂ ਜਨਗਣਨਾ ਦੇ ਪ੍ਰੋਫਾਰਮੇ ਵਿੱਚ ਵਾਲਮੀਕਿ ਸਮਾਜ ਖਿਲਾਫ ਵਰਤੀ ਗਈ ਪਾਬੰਦੀਸ਼ੁਦਾ ਤੇ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਹਨ। 

ਇਸ ਸਬੰਧੀ ਉਨ੍ਹਾਂ ਨੇ ਪੰਜਾਬ ਪੁਲਸ ਦੇ ਡੀ.ਜੀ.ਪੀ ਅਤੇ ਪੰਜਾਬ ਦੇ ਚੀਫ਼ ਸੈਕਟਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਦਿਆਂ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਜਨਗਣਨਾ ਵਰਗੇ ਸੰਵੇਦਨਸ਼ੀਲ ਤੇ ਸਰਕਾਰੀ ਦਸਤਾਵੇਜ਼ ਵਿੱਚ ਕਿਸੇ ਵੀ ਸਮਾਜ ਖਿਲਾਫ ਅਪਮਾਨਜਨਕ, ਪਾਬੰਦੀਸ਼ੁਦਾ ਜਾਂ ਇਤਰਾਜਯੋਗ ਸ਼ਬਦਾਵਲੀ ਦੀ ਵਰਤੋਂ ਕਰਨਾ ਨਾ ਸਿਰਫ਼ ਸੰਵਿਧਾਨਕ ਮਰਿਆਦਾਵਾਂ ਦੀ ਉਲੰਘਣਾ ਹੈ, ਸਗੋਂ ਇਹ ਸਮਾਜਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੰਭੀਰ ਲਾਪਰਵਾਹੀ ਵੀ ਹੈ। ਉਨ੍ਹਾਂ ਕਿਹਾ ਕਿ ਵਾਲਮੀਕਿ ਸਮਾਜ ਨੇ ਦੇਸ਼ ਦੀ ਤਰੱਕੀ ਅਤੇ ਸਫਾਈ ਪ੍ਰਣਾਲੀ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਅਜਿਹੀ ਘਟਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ ਅਤੇ ਕਿਸੇ ਵੀ ਵਰਗ ਜਾਂ ਭਾਈਚਾਰੇ ਨੂੰ ਨੀਵਾਂ ਦਿਖਾਉਣ ਵਾਲੀ ਭਾਸ਼ਾ ਦੀ ਵਰਤੋਂ ਕਰਨਾ ਕਾਨੂੰਨੀ ਤੌਰ ’ਤੇ ਗਲਤ ਹੈ। 

ਉਨ੍ਹਾਂ ਨੇ ਡੀ.ਜੀ.ਪੀ.ਤੇ ਚੀਫ ਸੈਕਟਰੀ ਪੰਜਾਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਐਸ.ਸੀ./ਐਸ.ਟੀ ਐਕਟ ਸਮੇਤ ਹੋਰ ਬਣਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਮਾਜ ਦੇ ਸਨਮਾਨ ਤੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਭੇਦਭਾਵਪੂਰਨ ਸੋਚ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ ਅਤੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜੇ ਹੁੰਦੇ ਹਨ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਤੋਂ ਬਾਅਦ ਵਾਲਮੀਕਿ  ਸਮਾਜ ਵਿੱਚ ਵੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਅਖ਼ੀਰ ਵਿੱਚ ਹਰਦੀਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸਰਕਾਰੀ ਵਿਭਾਗਾਂ ਵਿੱਚ ਸੰਵੇਦਨਸ਼ੀਲਤਾ ਤੇ ਸਮਾਜਿਕ ਸਨਮਾਨ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਹਰ ਵਰਗ ਦੀ ਇੱਜ਼ਤ ਅਤੇ ਮਰਿਆਦਾ ਬਰਕਰਾਰ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News