ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਪੜਤਾਲ ਕੀਤੇ ਬਗੈਰ ਨੋਟਿਸ ਦੇਣਾ ਮੰਦਭਾਗਾ : ਕਾਲਕਾ, ਕਾਹਲੋਂ
Friday, Feb 20, 2026 - 11:33 PM (IST)
ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਬਜਾਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕਰਨਾ ਸਾਬਤ ਕਰਦਾ ਹੈ ਕਿ ਉਹ ਬਾਦਲ ਪਰਿਵਾਰ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ।
ਪ੍ਰਧਾਨ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਐਡਵੋਕੇਟ ਧਾਮੀ ਨੇ ਗੰਭੀਰ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਦੀ ਥਾਂ ਸਿੱਧੇ ਤੌਰ ’ਤੇ ਨੋਟਿਸ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ (ਮੁਹਾਲੀ) ਅਤੇ ਗੁਰਦੁਆਰਾ ਭੱਠਾ ਸਾਹਿਬ (ਰੋਪੜ) ਦੀਆਂ ਜ਼ਮੀਨਾਂ ਦੀ ਖ਼ਰੀਦ-ਵੇਚ ’ਚ ਹੋਏ ਕਥਿਤ ਘਪਲੇ ਦਾ ਸੱਚ ਸੰਗਤ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਜਾਂਦੀਆਂ ਹਨ ਅਤੇ ਖ਼ਰੀਦ ਵੇਲੇ ਮਹਿੰਗੇ ਭਾਅ ਅਦਾ ਕੀਤੇ ਜਾਂਦੇ ਹਨ।
ਦਿੱਲੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਐਡਵੋਕੇਟ ਧਾਮੀ ਪਿਛਲੇ ਕੁਝ ਮਹੀਨਿਆਂ ਤੋਂ ਸੰਸਥਾ ਦੇ ਪ੍ਰਧਾਨ ਦੀ ਥਾਂ ਬਾਦਲ ਪਰਿਵਾਰ ਦੇ ਵਕੀਲ ਵਜੋਂ ਵਿਚਰ ਰਹੇ ਹਨ, ਜਿਸ ਕਾਰਨ ਸੰਗਤ ’ਚ ਭਾਰੀ ਰੋਸ ਹੈ। ਉਨ੍ਹਾਂ ਸਵਾਲ ਕੀਤਾ ਕਿ 49 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਵੇਚ ਕੇ ਆਇਆ ਪੈਸਾ ਕਿੱਥੇ ਹੈ? ਉਨ੍ਹਾਂ ਅੱਗੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਿਰੁੱਧ ਕੀਤੀ ਜਾ ਰਹੀ ਕਾਰਵਾਈ 2 ਦਸੰਬਰ 2024 ਦੇ ਹੁਕਮਨਾਮੇ ਦੇ ਮਾਮਲੇ ’ਚ ਬਦਲਾਖੋਰੀ ਦੀ ਨੀਤੀ ਦਾ ਹਿੱਸਾ ਹੈ।
ਸਵਾਲਾਂ ਦੇ ਜਵਾਬ ਦਿੰਦਿਆਂ ਕਾਲਕਾ ਅਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਵਿਚ ਗੁਰੂ ਘਰ ਦੀਆਂ ਜਾਇਦਾਦਾਂ ਵੇਚਣ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਅੱਜ ਗਿਆਨੀ ਰਘਬੀਰ ਸਿੰਘ ਦੇ ਨਾਲ ਖੜ੍ਹੀ ਹੈ ਅਤੇ ਜੇਕਰ 'ਸਰਬੱਤ ਖ਼ਾਲਸਾ' ਸੱਦਿਆ ਜਾਂਦਾ ਹੈ ਤਾਂ ਉਹ ਉਸ ਵਿਚ ਜ਼ਰੂਰ ਸ਼ਾਮਲ ਹੋਣਗੇ।
