'ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮੰਨਣਾ ਹਰ ਸਿੱਖ ਦਾ ਫਰਜ਼ ਪਰ ਅਕਾਲੀ ਦਲ ਨਜ਼ਰ ਅੰਦਾਜ਼ ਕਰ ਰਿਹਾ'

Thursday, Oct 24, 2024 - 11:35 AM (IST)

ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਨਾ ਕੱਢਣ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਮੂਹ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਇਸ ਸਬੰਧੀ ਪ੍ਰਧਾਨ ਕਾਲਕਾ ਤੇ ਕਾਹਲੋਂ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸਨ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ 10 ਸਾਲਾਂ ਲਈ ਪਾਰਟੀ ਵਿਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਵੀ ਹੋਈ ਸੀ, ਜਿਸ ਵਿਚ ਇਹ ਮਾਮਲਾ ਵਿਚਾਰਿਆ ਤੱਕ ਨਹੀਂ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਨੂੰ ਮੰਨਣਾ ਹਰ ਸਿੱਖ ਦਾ ਫਰਜ਼ ਹੈ ਪਰ ਅਕਾਲੀ ਦਲ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰ ਕੇ ਵੱਡੀ ਕੁਤਾਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਬਜਾਏ ਉਲਟਾ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਸੱਤ ਮੈਂਬਰੀ ਕਮੇਟੀ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਪੀਲ ਲੈ ਕੇ ਗਏ ਜੋ ਕਿ ਮਰਿਆਦਾ ਦੇ ਬਿਲਕੁਲ ਉਲਟ ਹੈ।

ਇਹ ਵੀ ਪੜ੍ਹੋ-  ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ, ਨਵੇਂ ਸਾਲ ’ਚ ਹੋ ਸਕਦੈ ਵੱਡਾ ਬਦਲਾਅ

ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾ ਮੰਨ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅਜੇ ਵੀ ਆਪਣੀਆਂ ਮੰਨਵਾਉਣ ਲਈ ਜਥੇਦਾਰ ਸਾਹਿਬ ਕੋਲ ਜਾਣ ਲਈ ਬਿਲਕੁਲ ਵੀ ਸੋਚ ਵਿਚਾਰ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਇਸ ਹੁਕਮ ਅਦੂਲੀ ਲਈ ਬਲਵਿੰਦਰ ਸਿੰਘ ਭੂੰਦੜ ਤੇ ਕੋਰ ਕਮੇਟੀ ਦੇ ਸਮੁੱਚੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News