ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

Monday, May 29, 2023 - 06:03 PM (IST)

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜ਼ਬਰਦਸਤੀ ਲੋਕਤੰਤਰ ’ਤੇ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸੱਦਦ ਕੀਤਾ ਜਾ ਰਿਹਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ

ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਜੰਤਰ-ਮੰਤਰ ਵਿਖੇ ਇਨ੍ਹਾਂ ਪਹਿਲਵਾਨਾਂ ਵੱਲੋਂ ਇਨਸਾਫ਼ ਲਈ ਲਾਏ ਧਰਨੇ ਵਿਚ ਸਮਰਥਨ ਲਈ ਸ਼ਾਮਲ ਹੋਣਾ ਸੀ ਪਰ ਸਰਕਾਰ ਵੱਲੋਂ ਬੀਤੇ ਕੱਲ੍ਹ ਜ਼ਬਰੀ ਧਰਨਾ ਚੁਕਵਾਉਣ ਕਾਰਨ ਇਹ ਪ੍ਰੋਗਰਾਮ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਅਗੋਂ ਜੋ ਵੀ ਪ੍ਰੋਗਰਾਮ ਬਣੇਗਾ ਇਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-  ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ

ਭਾਈ ਗਰੇਵਾਲ ਨੇ ਇਸ ਗੱਲ ’ਤੇ ਇਤਰਾਜ ਵੀ ਕੀਤਾ ਕੇ ਜਦੋਂ ਵੀ ਸਿੱਖ ਕੌਮ ਆਪਣੇ ਇਤਿਹਾਸ ਤੇ ਪਰੰਪਰਾਵਾਂ ਅਨੁਸਾਰ ਮਨੁੱਖੀ ਹੱਕਾਂ ਲਈ ਲੜਣ ਵਾਲਿਆਂ ਨਾਲ ਖੜਦੀ ਹੈ ਤਾਂ ਕੁਝ ਲੋਕਾਂ ਵੱਲੋਂ ਇਸ ਪ੍ਰਤੀ ਨਕਾਰਾਤਮਿਕ ਬਿਰਤਾਂਤ ਸਿਰਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਿੱਖਾਂ ਨੂੰ ਕਿਸੇ ਕੋਲੋਂ ਦੇਸ਼ ਭਗਤੀ ਸਿੱਖਣ ਦੀ ਲੋੜ ਨਹੀਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।

ਇਹ ਵੀ ਪੜ੍ਹੋ- ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਦੀ ਰੋਲ ਦਿੱਤੀ ਪੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


author

Anuradha

Content Editor

Related News