ਆਰਡੀਨੈਂਸ-2020 ਦੇ ਵਿਰੋਧ ''ਚ ''ਆਪ'' ਵਰਕਰਾਂ ਨੇ ਮੋਦੀ ਤੇ ਸੁਖਬੀਰ ਦੇ ਫੂਕੇ ਪੁਤਲੇ

06/30/2020 2:06:21 AM

ਬਟਾਲਾ,(ਬੇਰੀ)- ਕੇਂਦਰ ਸਰਕਾਰ ਵੱਲੋਂ ਕੋਰੋਨਾ ਦੀ ਆੜ 'ਚ ਪਾਸ ਕੀਤੇ ਆਰਡੀਨੈਂਸ ਕਿਸਾਨ ਤੇ ਮਜ਼ਦੂਰ ਵਿਰੋਧੀ ਹਨ, ਜਿਸ ਨਾਲ ਆਉਣ ਵਾਲੇ ਸਮੇਂ 'ਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਪ੍ਰਧਾਨ ਸ਼ੈਰੀ ਕਲਸੀ ਨੇ ਗਾਂਧੀ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਸੁਖਬੀਰ ਬਾਦਲ ਨੇ ਆਪਣੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਕਿਸਾਨੀ ਨੂੰ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ 'ਚ ਜਿੱਥੇ ਸਮੂਹ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਸਨ, ਜਦਕਿ ਸੁਖਬੀਰ ਬਾਦਲ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਸਮਰਥਨ ਕਰ ਰਹੇ ਸਨ, ਜਿਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਭਾਜਪਾ ਤੇ ਅਕਾਲੀ ਦਲ ਦੋਵੇਂ ਪੰਜਾਬ ਵਿਰੋਧੀ ਪਾਰਟੀਆਂ ਹਨ। ਕਲਸੀ ਨੇ ਕਿਹਾ ਕਿ ਅਕਾਲੀ ਦਲ ਆਪਣਾ ਸਟੈਂਡ ਸਪੱਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਵੱਲੋਂ ਕਿਹੜੀ ਐਮਰਜੈਂਸੀ ਕਰ ਕੇ ਇਹ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਰਾਹੀਂ ਪੰਜਾਬ ਦੇ ਖੇਤਾਂ ਅਤੇ ਮੰਡੀਆਂ 'ਤੇ ਪ੍ਰਾਈਵੇਟ ਕੰਪਨੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਗੁਰਦਰਸ਼ਨ ਸਿੰਘ, ਨਵੇਸ਼ ਗੋਇਲ, ਵਿਨੋਦ ਸਹਿਗਲ, ਉਪਦੇਸ਼ ਕੁਮਾਰ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।


Deepak Kumar

Content Editor

Related News