ਪੰਥਕ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੀ ਮੁਆਫ਼ੀ ਨਾ ਮਨਜ਼ੂਰ

Wednesday, Aug 25, 2021 - 01:53 PM (IST)

ਪੰਥਕ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੀ ਮੁਆਫ਼ੀ ਨਾ ਮਨਜ਼ੂਰ

ਅੰਮ੍ਰਿਤਸਰ (ਅਨਜਾਣ) : ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋ ਸਾਈਂ ਮੁਰਾਦਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ‘ਚੋਂ ਦੱਸਣ ਬਾਰੇ ਵਿਵਾਦਿਤ ਸ਼ਬਦਾਂ ਲਈ ਭਾਵੇਂ ਮਾਫ਼ੀ ਮੰਗ ਲਈ ਗਈ ਹੈ ਪਰ ਪੰਥਕ ਜਥੇਬੰਦੀਆਂ ਵੱਲੋਂ ਅੱਜ ਵੀ ਜਲੰਧਰ ਦੇ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਿੱਖ ਤਾਲਮੇਲ ਕਮੇਟੀ ਦੇ ਭਾਈ ਤਜਿੰਦਰ ਸਿੰਘ ਪ੍ਰਦੇਸੀ, ਭਾਈ ਹਰਪਾਲ ਸਿੰਘ ਚੱਢਾ, ਭਾਈ ਹਰਪ੍ਰੀਤ ਸਿੰਘ ਨੀਟੂ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਸਿਰਲੱਥ ਖਾਲਸਾ ਦੇ ਭਾਈ ਦਿਲਬਾਗ ਸਿੰਘ, ਭਾਈ ਭੂਪਿੰਦਰ ਸਿੰਘ ਛੇ ਜੂਨ, ਅਵਾਜ-ਏ-ਕੌੰਮ ਦੇ ਭਾਈ ਮਨਜੀਤ ਸਿੰਘ, ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਭਾਈ ਹਰਜਿੰਦਰ ਸਿੰਘ ਨਿਹੰਗ, ਭਾਈ ਪ੍ਰਮਿੰਦਰ ਸਿੰਘ ਮੁਕੇਰੀਆਂ ਆਦਿ ਮੌਜੂਦ ਸਨ। ਇਸ ਦੌਰਾਨ ਜਥੇਬੰਦੀਆਂ ਨੇ ਗੁਰਦਾਸਮਾਨ ਵੱਲੋਂ ਮੰਗੀ ਮੁਆਫ਼ੀ ਨੂੰ ਨਾ-ਮਨਜ਼ੂਰ ਕਰਦਿਆਂ ਕਿਹਾ ਕਿ ਜਥੇਬੰਦੀਆਂ ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਾ ਪਰਚਾ ਦਰਜ ਕਰਵਾ ਕੇ ਹੀ ਸਾਹ ਲੈਣਗੀਆਂ। ਉਨ੍ਹਾਂ ਗੁਰਦਾਸ ਮਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਪਰਚਾ ਦਰਜ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਹੋਰ ਵੀ ਤਿੱਖਾ ਕਰਨਗੇ। 

ਕੀ ਹੈ ਪੂਰਾ ਮਾਮਲਾ
ਦੱਸ ਦਈਏ ਕਿ ਬੀਤੇ ਦਿਨੀਂ ਗੁਰਦਾਸ ਮਾਨ ਨਕੋਦਰ ਵਿਖੇ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ 'ਚ ਸਿੱਖ ਜੱਥੇਬੰਦੀਆਂ ਨੇ ਗੁਰਦਾਸ ਮਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਨੂੰ ਜ਼ਿਆਦਾ ਭਖਦਾ ਵੇਖ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਮੁਆਫ਼ੀ ਮੰਗ ਲਈ ਹੈ।


author

Anuradha

Content Editor

Related News