ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ : ਡੀ. ਸੀ ਦਲਵਿੰਦਰਜੀਤ

Tuesday, Oct 20, 2026 - 06:20 PM (IST)

ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ : ਡੀ. ਸੀ ਦਲਵਿੰਦਰਜੀਤ

ਅੰਮ੍ਰਿਤਸਰ (ਨੀਰਜ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡੀ. ਸੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਜੇਕਰ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਹੋਵੇ ਤਾਂ ਮੰਡੀ ਵਿਚ ਫ਼ਸਲ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੁਸ਼ਕਲ ਆ ਸਕਦੀ ਹੈ। ਇਸ ਲਈ ਕਿਸਾਨ ਫ਼ਸਲ ਦੀ ਪੂਰੀ ਪਕਾਈ ਯਕੀਨੀ ਬਣਾਉਣ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿਚ ਲੈ ਕੇ ਆਉਣ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀ. ਸੀ ਨੇ ਕੰਬਾਈਨ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।


author

Shivani Bassan

Content Editor

Related News