ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਲਾਕੇ ''ਚ ਸੋਗ ਦੀ ਲਹਿਰ

Tuesday, Jun 30, 2026 - 06:01 PM (IST)

ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਲਾਕੇ ''ਚ ਸੋਗ ਦੀ ਲਹਿਰ

ਖਡੂਰ ਸਾਹਿਬ (ਗਿੱਲ) : ਖਡੂਰ ਸਾਹਿਬ ਨਜ਼ਦੀਕ ਪਿੰਡ ਆਲਮਪੁਰ ਵਿਖੇ ਮੰਗਲਾਰ ਨੂੰ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (43) ਪੁੱਤਰ ਬਲਦੇਵ ਸਿੰਘ, ਵਾਸੀ ਪਿੰਡ ਵੈਰੋਵਾਲ ਬਾਵਿਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਘਰੋਂ ਜਾ ਰਹੇ ਸਨ ਕਿ ਖਡੂਰ ਸਾਹਿਬ ਵੱਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਪਿੰਡ ਆਲਮਪੁਰ ਨੇੜੇ ਸਾਹਮਣੇ ਵਾਲੀ ਲੇਨ ਵਿਚ ਆ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰ ਸਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿਚ ਕਾਫ਼ੀ ਸਮੇਂ ਤੋਂ ਟਿੱਪਰਾਂ ਰਾਹੀਂ ਕਥਿਤ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਟਿੱਪਰ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹਨ, ਜਿਸ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਪਰਿਵਾਰ ਅਤੇ ਇਲਾਕੇ ਦੇ ਮੋਹਤਬਰਾਂ ਨੇ ਦੋਸ਼ੀ ਟਿੱਪਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਇਲਾਕੇ ਵਿਚ ਟਿੱਪਰਾਂ ਦੀ ਬੇਰੋਕ ਆਵਾਜਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਫਿਲਹਾਲ ਥਾਣਾ ਵੈਰੋਵਾਲ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਦਿਆਂ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News