ਸਰਹੱਦੀ ਪਿੰਡ ਨੇੜਿਓਂ ਪਿਸਤੌਲ ਤੇ ਹੈਰੋਇਨ ਬਰਾਮਦ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Monday, Jun 01, 2026 - 02:10 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਹਾਲਾਂਕਿ ਸਰਹੱਦ 'ਤੇ ਤਾਇਨਾਤ ਸੁਰੱਖਿਆ ਬਲ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਉਣ ਲਈ ਮੁਸਤੈਦ ਹਨ। ਇਸੇ ਕੜੀ ਤਹਿਤ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚ ਇੱਕ ਵਾਰ ਫਿਰ ਡਰੋਨ ਗਤੀਵਿਧੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8:30 ਵਜੇ ਕਲਾਨੌਰ ਥਾਣੇ ਅਧੀਨ ਪੈਂਦੇ ਸਰਹੱਦੀ ਪਿੰਡ ਰੋਸੇ ਨੇੜੇ ਬੀਐਸਐਫ ਦੀ 27ਵੀਂ ਬਟਾਲੀਅਨ ਦੇ ਬੀਓਪੀ ਰੋਸੇ ਖੇਤਰ ਵਿੱਚ ਡਰੋਨ ਦੀ ਹਰਕਤ ਦੇਖੀ ਗਈ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦੇ ਘਰ ਪੁਲਸ ਕਾਰਵਾਈ ’ਤੇ ਉੱਠੇ ਸਵਾਲ, ਵਕੀਲ ਤੇ SGPC ਮੈਂਬਰ ਨੇ ਜਤਾਈ ਆਪੱਤੀ
ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਨੂੰ ਖੇਤਾਂ ਵਿੱਚੋਂ ਇੱਕ ਪਿਸਤੌਲ ਅਤੇ ਕਰੀਬ 500 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਲਾਨੌਰ ਅਮੋਲਕ ਸਿੰਘ ਨੇ ਦੱਸਿਆ ਕਿ ਡਰੋਨ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਰੋਸੇ ਨੇੜਲੇ ਖੇਤਾਂ ਵਿੱਚੋਂ ਇੱਕ ਪਿਸਤੌਲ ਅਤੇ ਲਗਭਗ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਨੇ ਕਿਹਾ ਕਿ ਤਸਕਰੀ ਨਾਲ ਜੁੜੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ, ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਪਹੁੰਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
