''ਵੀਰ ਬਾਲ ਦਿਵਸ’ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ : ਐਡਵੋਕੇਟ ਧਾਮੀ

Saturday, Dec 30, 2023 - 03:57 PM (IST)

ਅੰਮ੍ਰਿਤਸਰ (ਦੀਪਕ)- ਭਾਰਤ ਸਰਕਾਰ ਵੱਲੋਂ ਐਲਾਨੇ ‘ਵੀਰ ਬਾਲ ਦਿਵਸ’ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ ਮਾਮਲੇ ਮੰਤਰਾਲਿਆਂ ਸਮੇਤ ਸੀ. ਬੀ. ਐੱਸ. ਈ. ਪਾਸੋਂ ਇਸ ਬਾਰੇ ਸਪਸ਼ਟੀਕਰਨ ਮੰਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀ ਕਿਸੇ ਵੀ ਸਿੱਖ-ਵਿਰੋਧੀ ਹਰਕਤ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਹਾਲ ਹੀ ਵਿਚ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਸਬੰਧੀ ਨਿਰਦੇਸ਼ਾਂ ਤਹਿਤ ਵੱਖ-ਵੱਖ ਸੂਬਿਆਂ ਅੰਦਰ ਵਿਦਿਅਕ ਅਦਾਰਿਆਂ ਵਿਚ ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦੀਆਂ ਸਾਹਮਣੇ ਆਈਆਂ ਹਰਕਤਾਂ ਬਾਰੇ ਸਿੱਖ ਸੰਗਤ ਵੱਲੋਂ ਵੱਡੇ ਇਤਰਾਜ਼ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਹਰਕਤਾਂ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਤੇ ਸੀ. ਬੀ. ਐੱਸ. ਈ. ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦਾ ਜੋ ਖਦਸ਼ਾ ਸੀ ਉਸੇ ਦਾ ਹੀ ਨਤੀਜਾ ਹੈ ਕਿ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਉਣ ਦੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿੱਖ ਵਿਰੋਧੀ ਵਰਤਾਰੇ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਦੀ ਬਣਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਸਿੱਖ ਜਗਤ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ ਅਤੇ ਸਾਹਿਬਜ਼ਾਦਿਆਂ ਦੇ ਕਿਰਦਾਰ ਕਰਵਾਉਣ ਵਾਲੇ ਵਿਦਿਅਕ ਅਦਾਰਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News