ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਵਾਲਿਆਂ ਵਿਰੁੱਧ ਪੁਲਸ ਪ੍ਰਸ਼ਾਸਨ ਕਰੇ ਕਾਨੂੰਨੀ ਕਾਰਵਾਈ : ਕੱਕੜ

06/09/2018 1:53:13 PM

ਅੰਮ੍ਰਿਤਸਰ, (ਜਸ਼ਨ)— ਦੇਸ਼ ਵਿਰੁੱਧ ਨਾਅਰੇਬਾਜ਼ੀ ਕਰਨ ਵਾਲਿਆਂ ਖਿਲਾਫ ਪੁਲਸ ਪ੍ਰਸ਼ਾਸਨ ਨੂੰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ ਵਿਚ ਕੋਈ ਵੀ ਦੇਸ਼ ਵਿਰੋਧੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਲੱਖ ਵਾਰ ਸੋਚੇ। ਇਹ ਵਿਚਾਰ ਪੱਤਰਕਾਰ ਸੰਮੇਲਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਉਪ ਪ੍ਰਧਾਨ ਚੇਤਨ ਕੱਕੜ ਨੇ ਕਹੇ। ਇਸ ਮੌਕੇ ਉਕਤ ਸੰਗਠਨ ਦੇ ਕਈ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਚੇਤਨ ਕੱਕੜ ਨੇ ਕਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਯਾਨੀ 5 ਜੂਨ ਨੂੰ ਇਕ ਗਰਮਖਿਆਲੀ ਸੰਗਠਨ ਵੱਲੋਂ ਮਾਰਚ ਕੀਤਾ ਗਿਆ, ਜੋ ਕਿ ਸ਼ਹਿਰ ਦੇ ਕਈ ਮੁੱਖ ਖੇਤਰਾਂ 'ਚੋਂ ਲੰਘਿਆ। ਇਸ ਮਾਰਚ ਦੌਰਾਨ ਪੁਲਸ ਕਰਮਚਾਰੀਆਂ ਦੀ ਹਾਜ਼ਰੀ ਵਿਚ ਹੀ ਕਈ ਪ੍ਰਦਰਸ਼ਨਕਾਰੀਆਂ ਨੇ ਸ਼ਰੇਆਮ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ, ਜਿਸ ਨਾਲ ਪੂਰੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਪ੍ਰਸ਼ਾਸਨ ਨੇ ਹੁਣ ਤੱਕ ਇਸ ਪ੍ਰਤੀ ਕੋਈ ਕਾਨੂੰਨੀ ਕਾਰਵਾਈ ਕਰਨੀ ਮੁਨਾਸਿਬ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਅਜਿਹੇ ਦੇਸ਼ ਵਿਰੋਧੀ ਨਾਅਰਿਆਂ ਦਾ ਸ਼ਰੇਆਮ ਲੱਗਣਾ ਸ਼ੁਭ ਸੰਕੇਤ ਨਹੀਂ ਹੈ। ਇਸ ਤੋਂ ਸਾਫ਼ ਹੈ ਕਿ ਕੁਝ ਸ਼ਰਾਰਤੀ ਤੱਤ ਹੁਣ ਵੀ ਸੂਬੇ ਦਾ ਮਾਹੌਲ ਵਿਗਾੜਨ ਦੀ ਫਿਰਾਕ ਵਿਚ ਹਨ।
ਕੱਕੜ ਨੇ ਕਿਹਾ ਕਿ ਇਸ ਸਬੰਧੀ ਉਹ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਪੂਰੀ ਜਾਣਕਾਰੀ ਦੇਣਗੇ ਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਅੱਗੇ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਮੰਗ ਕੀਤੀ ਕਿ ਪੁਲਸ ਪ੍ਰਸ਼ਾਸਨ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਖਿਲਾਫ ਸਖਤ ਨੋਟਿਸ ਲਵੇ ਤਾਂ ਕਿ ਭਵਿੱਖ ਵਿਚ ਸੂਬੇ ਦਾ ਮਾਹੌਲ ਨਾ ਵਿਗੜੇ ਅਤੇ ਸ਼ਾਂਤੀ ਬਣੀ ਰਹੇ।
 


Related News